ਧੋਖੇ ਨਾਲ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
- ਪੰਜਾਬ
- 19 Mar,2025

ਅੰਮ੍ਰਿਤਸਰ, 19 ਮਾਰਚ -
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਦੀ ਧੋਖੇ ਨਾਲ ਗ੍ਰਿਫ਼ਤਾਰੀ ਦੀ ਕੜੀ ਨਿੰਦਾ ਕਰਦਿਆਂ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨਾ ਦੇਸ਼ ਦੇ ਅੰਨਦਾਤਿਆਂ ਦੀ ਬੇਇੱਜ਼ਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਸ਼ਰਮਨਾਕ ਹੈ, ਕਿਉਂਕਿ ਇੱਕ ਪਾਸੇ ਕਿਸਾਨ ਆਗੂ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰ ਰਹੇ ਸਨ, ਤੇ ਦੂਜੇ ਪਾਸੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਐਡਵੋਕੇਟ ਧਾਮੀ ਨੇ ਪੁੱਛਿਆ ਕਿ ਕੀ ਸਰਕਾਰ ਕਿਸਾਨਾਂ ਤੋਂ ਡਰ ਰਹੀ ਹੈ ਕਿ ਉਹ ਉਨ੍ਹਾਂ ਨਾਲ ਗੱਲ ਕਰਨ ਤੋਂ ਵੀ ਪਰਹੇਜ਼ ਕਰ ਰਹੀ ਹੈ?
ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤੇ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ ਤਾਂ ਜੋ ਉਹ ਸੰਘਰਸ਼ ਕਰਨ ਲਈ ਮਜ਼ਬੂਰ ਨਾ ਹੋਣ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦਾ ਹਿੱਸਾ ਹਨ, ਪਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਰਕੇ ਉਨ੍ਹਾਂ ਨੂੰ ਹਮੇਸ਼ਾ ਸੰਘਰਸ਼ ਲਈ ਮਜਬੂਰ ਕੀਤਾ ਜਾਂਦਾ ਹੈ।
Posted By:

Leave a Reply