ਅਕਾਲ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ਼ਾਨੋ-ਸ਼ੌਕਤ ਨਾਲ ਸੰਪੰਨ

ਤਲਵੰਡੀ ਸਾਬੋ, 22 ਨਵੰਬਰ (ਗੁਰਜੰਟ ਸਿੰਘ ਨਥੇਹਾ)- ਪਹਿਲੀ ਪਾਤਸ਼ਾਹੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲ ਯੂਨੀਵਰਸਿਟੀ ਵੱਲੋਂ ਅੱਜ ਵਿਸ਼ਾਲ ਅਤੇ ਮਹਾਨ ਨਗਰ ਕੀਰਤਨ ਪੂਰੀ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ, ਸਮੂਹ ਸਟਾਫ਼ ਅਤੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਸ ਨੂੰ ਬੇਮਿਸਾਲ ਸਫਲਤਾ ਬਖ਼ਸ਼ੀ। ਨਗਰ ਕੀਰਤਨ ਦੀ ਆਰੰਭਤਾ ਅਕਾਲ ਯੂਨੀਵਰਸਿਟੀ ਕੈਂਪਸ ਤੋਂ ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਹੋਈ। ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਦੇ ਪਿੱਛੇ-ਪਿੱਛੇ ਕੀਰਤਨੀ ਜਥਿਆਂ ਅਤੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸਮੁੱਚੇ ਵਾਤਾਵਰਣ ਨੂੰ ਭਗਤੀਮਈ ਬਣਾ ਦਿੱਤਾ ਗਿਆ। ਇਹ ਮਹਾਨ ਨਗਰ ਕੀਰਤਨ ਅਕਾਲ ਯੂਨੀਵਰਸਿਟੀ ਤੋਂ ਰਵਾਨਾ ਹੋ ਕੇ ਆਪਣੇ ਨਿਰਧਾਰਤ ਰੂਟ ਅਨੁਸਾਰ ਪਿੰਡ ਗੁਰੂਸਰ, ਫਤਿਹਗੜ੍ਹ ਨੌਆਬਾਦ, ਜਗਾ ਰਾਮ ਤੀਰਥ, ਭਗਵਾਨਪੁਰਾ, ਸ਼ੇਖਪੁਰਾ ਅਤੇ ਲੇਲੇਵਾਲਾ ਵਿੱਚੋਂ ਹੁੰਦਾ ਹੋਇਆ ਵਾਪਸ ਅਕਾਲ ਯੂਨੀਵਰਸਿਟੀ ਵਿਖੇ ਪਹੁੰਚ ਕੇ ਅਮਨ-ਅਮਾਨ ਅਤੇ ਸਫਲਤਾਪੂਰਵਕ ਸਮਾਪਤ ਹੋਇਆ। ਸਮੁੱਚੇ ਰੂਟ ਦੌਰਾਨ ਹਰ ਪਿੰਡ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਨਗਰ ਕੀਰਤਨ ਦਾ ਬੇਹੱਦ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਪਿੰਡਾਂ ਦੀਆਂ ਸੰਗਤਾਂ ਵੱਲੋਂ ਥਾਂ-ਥਾਂ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਅਤੇ ਚਾਹ-ਪਾਣੀ ਦੇ ਅਤੁੱਟ ਪ੍ਰਬੰਧ ਕੀਤੇ ਗਏ ਸਨ। ਨਗਰ ਕੀਰਤਨ ਦੌਰਾਨ ਵਿਦਿਆਰਥੀਆਂ ਦਾ ਅਨੁਸ਼ਾਸਨ ਅਤੇ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਦੇਖਣਯੋਗ ਸੀ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦੇ ਸਿਧਾਂਤ ਅਤੇ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਘਰ-ਘਰ ਪਹੁੰਚਾਇਆ ਗਿਆ। ਨਗਰ ਕੀਰਤਨ ਦੀ ਸ਼ਾਨਦਾਰ ਸਫਲਤਾ ’ਤੇ ਅਕਾਲ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਮੂਹ ਪਿੰਡਾਂ ਦੀਆਂ ਸੰਗਤਾਂ, ਪੰਚਾਇਤਾਂ, ਸੇਵਾਦਾਰਾਂ, ਯੂਨੀਵਰਸਿਟੀ ਸਟਾਫ਼ ਅਤੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਪ੍ਰਬੰਧਕਾਂ ਨੇ ਕਿਹਾ ਕਿ ਇਲਾਕੇ ਦੀਆਂ ਸੰਗਤਾਂ ਦੇ ਭਰਵੇਂ ਸਹਿਯੋਗ ਅਤੇ ਅਥਾਹ ਉਤਸ਼ਾਹ ਸਦਕਾ ਹੀ ਇਹ ਧਾਰਮਿਕ ਸਮਾਗਮ ਯਾਦਗਾਰੀ ਹੋ ਨਿੱਬੜਿਆ ਹੈ।