Punjab Bus Strike: PRTC-ਪਨਬੱਸ ਮੁਲਾਜ਼ਮਾਂ ਦੀ ਸਰਕਾਰ ਨਾਲ ਮੀਟਿੰਗ ਬੇਸਿੱਟਾ, 29 ਅਕਤੂਬਰ ਨੂੰ ਮੁੜ ਹੋਵੇਗੀ ਗੱਲਬਾਤ
ਪੰਜਾਬ ਵਿੱਚ ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਦੌਰਾਨ ਸਰਕਾਰ ਨਾਲ ਹੋਈ ਮੀਟਿੰਗ ਵਿੱਚ ਅਜੇ ਕੋਈ ਅੰਤਿਮ ਹੱਲ ਨਹੀਂ ਨਿਕਲਿਆ। ਜਥੇਬੰਦੀ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਸਰਕਾਰ ਨੇ ਕੁਝ ਮੰਗਾਂ ’ਤੇ ਸਹਿਮਤੀ ਜਤਾਈ ਹੈ, ਪਰ ਮੰਗਾਂ ਦੀ ਪੂਰਤੀ ਸਬੰਧੀ ਕੋਈ ਲਿਖਤੀ ਪੱਤਰ ਜਾਰੀ ਨਹੀਂ ਕੀਤਾ ਗਿਆ। ਹੁਣ ਇਸ ਮਾਮਲੇ ’ਤੇ ਅਗਲੀ ਮੀਟਿੰਗ 29 ਅਕਤੂਬਰ ਨੂੰ ਹੋਵੇਗੀ।
ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਵੱਲੋਂ ਮੰਗਾਂ ਸਬੰਧੀ ਲਿਖਤੀ ਪੱਤਰ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅੱਜ ਹੀ ਲਿਖਤੀ ਪੱਤਰ ਦੇ ਦਿੰਦੀ ਹੈ ਤਾਂ ਹੜਤਾਲ ਖ਼ਤਮ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ, ਨਹੀਂ ਤਾਂ ਸੰਘਰਸ਼ ਲੰਬੇ ਸਮੇਂ ਤੱਕ ਜਾਰੀ ਰਹੇਗਾ।
29 ਅਕਤੂਬਰ ਨੂੰ ਮੁੜ ਹੋਵੇਗੀ ਮੀਟਿੰਗ
ਜਥੇਬੰਦੀ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਕੁਝ ਮੰਗਾਂ ’ਤੇ ਸਹਿਮਤੀ ਬਣੀ ਹੈ, ਪਰ ਅਜੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਹੋਇਆ। ਮੰਗਾਂ ਦੇ ਹੱਲ ਲਈ ਸਰਕਾਰ ਨੇ 29 ਅਕਤੂਬਰ ਨੂੰ ਇੱਕ ਹੋਰ ਮੀਟਿੰਗ ਰੱਖੀ ਹੈ।
ਇਸ ਤੋਂ ਪਹਿਲਾਂ ਜਥੇਬੰਦੀ ਦੇ ਸਕੱਤਰ ਸ਼ਮਸ਼ੇਰ ਸਿੰਘ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਮੀਟਿੰਗ ਪੰਜਾਬ ਭਵਨ ਵਿਖੇ ਰੱਖੀ ਹੈ, ਪਰ ਮੀਟਿੰਗ ਦਾ ਸਮਾਂ ਤੈਅ ਹੋਣ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਸੀ। ਉਨ੍ਹਾਂ ਮੁਤਾਬਕ, ਦੁਪਹਿਰ 12 ਵਜੇ ਤੱਕ ਮੀਟਿੰਗ ਹੋਣ ਦੀ ਗੱਲ ਕਹੀ ਜਾ ਰਹੀ ਸੀ।
ਲਿਖਤੀ ਭਰੋਸਾ ਮਿਲਣ ਤੱਕ ਧਰਨਾ ਜਾਰੀ ਰਹੇਗਾ
ਧਰਨਾਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਧਰਨਾ ਪ੍ਰਦਰਸ਼ਨ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨਾਲ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲਦਾ ਅਤੇ ਮੰਗਾਂ ਸਬੰਧੀ ਲਿਖਤੀ ਪੱਤਰ ਜਾਰੀ ਨਹੀਂ ਹੁੰਦਾ ਤਾਂ ਹੜਤਾਲ ਜਾਰੀ ਰੱਖੀ ਜਾਵੇਗੀ।
ਬੱਸ ਹੜਤਾਲ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ
ਹੜਤਾਲ ਕਾਰਨ ਕਿੰਨੀਆਂ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ ਅਤੇ ਕਿਹੜੇ ਡਿਪੂਆਂ ਤੋਂ ਬੱਸਾਂ ਨਹੀਂ ਚੱਲਣਗੀਆਂ, ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਸੀ। ਯਾਤਰੀਆਂ ਨੂੰ ਸਫ਼ਰ ਕਰਨ ਤੋਂ ਪਹਿਲਾਂ ਸਬੰਧਤ ਡਿਪੂ ਤੋਂ ਬੱਸਾਂ ਦੇ ਚੱਲਣ ਬਾਰੇ ਜਾਣਕਾਰੀ ਲੈਣ ਦੀ ਸਲਾਹ ਦਿੱਤੀ ਗਈ।
ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਰੋਜ਼ਾਨਾ ਕੰਮ ’ਤੇ ਜਾਣ ਵਾਲੇ ਲੋਕਾਂ ਅਤੇ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਆਵਾਜਾਈ ਲਈ ਬੱਸਾਂ ’ਤੇ ਨਿਰਭਰ ਲੋਕਾਂ ਨੂੰ ਹੋਰ ਸਾਧਨ ਵਰਤਣ ਲਈ ਮਜਬੂਰ ਹੋਣਾ ਪਿਆ ਅਤੇ ਵੱਖ-ਵੱਖ ਬੱਸ ਅੱਡਿਆਂ ’ਤੇ ਯਾਤਰੀ ਪ੍ਰੇਸ਼ਾਨ ਨਜ਼ਰ ਆਏ।