ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਦੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੂੰ ਦਿੱਤਾ ਸੱਦਾ

**ਅੰਮ੍ਰਿਤਸਰ:** ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ. ਹਰਮਨਬੀਰ ਸਿੰਘ ਗਿੱਲ, ਨਗਰ ਨਿਗਮ ਕਮਿਸ਼ਨਰ ਸ. ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਡੀਸੀਪੀ ਸ. ਰਵਿੰਦਰਪਾਲ ਸਿੰਘ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ ਅਤੇ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸਮੁੱਚੀ ਸਿੱਖ ਸੰਗਤ ਲਈ ਬੇਹੱਦ ਪਵਿੱਤਰ ਅਤੇ ਮਹੱਤਵਪੂਰਨ ਦਿਹਾੜਾ ਹੈ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਸੇਵਾ, ਸਿਮਰਨ, ਨਿਮਰਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਇਸ ਪਾਵਨ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨਗੀਆਂ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ। ਇਸ ਮੌਕੇ ਐਸਐਸਪੀ ਵਿਜੀਲੈਂਸ ਸ. ਹਰਪ੍ਰੀਤ ਸਿੰਘ ਮੰਡੇਰ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸ. ਜੇਇੰਦਰ ਸਿੰਘ, ਡੀਸੀਪੀ ਸ. ਜੁਗਰਾਜ ਸਿੰਘ, ਐਸਪੀ ਸ. ਹਰਪਾਲ ਸਿੰਘ ਰੰਧਾਵਾ, ਐਸਪੀ ਟ੍ਰੈਫਿਕ ਅਮਨਦੀਪ ਕੌਰ, ਏਡੀਸੀ ਪਲਵੀ ਮਿਸ਼ਰਾ, ਪੀਸੀਐਸ ਸ. ਗੁਰਮੰਦਰ ਸਿੰਘ, ਪੀਸੀਐਸ ਅਨਾਇਤ ਗੁਪਤਾ, ਪੀਸੀਐਸ ਅਲਕਾ ਕਾਲੀਆ, ਪੀਸੀਐਸ ਸ. ਰੁਪਿੰਦਰਪਾਲ ਸਿੰਘ, ਪੀਸੀਐਸ ਸ. ਮਨਬੀਰ ਸਿੰਘ ਢਿੱਲੋਂ ਅਤੇ ਪੀਸੀਐਸ ਸ. ਨਵਕੀਰਤਨ ਸਿੰਘ ਰੰਧਾਵਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।