NIA ਨੇ ਅਮਰੀਕਾ ਤੋਂ ਡਿਪੋਰਟ ਹੋਏ ਸੁਰਿੰਦਰ ਸਿੰਘ ਨੂੰ ਕੀਤਾ ਗ੍ਰਿਫ਼ਤਾਰ, ਸ਼ੰਭੂ-ਰਾਜਪੁਰਾ ਰੇਲਵੇ ਧਮਾਕੇ ਮਾਮਲੇ ’ਚ 8ਵੀਂ ਗ੍ਰਿਫ਼ਤਾਰੀ

NIA ਨੇ ਅਮਰੀਕਾ ਤੋਂ ਡਿਪੋਰਟ ਹੋਏ ਸੁਰਿੰਦਰ ਸਿੰਘ ਨੂੰ ਕੀਤਾ ਗ੍ਰਿਫ਼ਤਾਰ, ਸ਼ੰਭੂ-ਰਾਜਪੁਰਾ ਰੇਲਵੇ ਧਮਾਕੇ ਮਾਮਲੇ ’ਚ 8ਵੀਂ ਗ੍ਰਿਫ਼ਤਾਰੀ

ਕੌਮੀ ਜਾਂਚ ਏਜੰਸੀ (NIA) ਨੇ ਸ਼ੰਭੂ ਅਤੇ ਰਾਜਪੁਰਾ ਰੇਲਵੇ ਸਟੇਸ਼ਨਾਂ ਵਿਚਕਾਰ ਹੋਏ ਧਮਾਕੇ ਦੇ ਮਾਮਲੇ ਵਿੱਚ ਸੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। NIA ਮੁਤਾਬਕ ਮੁਲਜ਼ਮ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਭਾਰਤ ਲਿਆਂਦਾ ਗਿਆ ਸੀ। ਭਾਰਤ ਅਤੇ ਅਮਰੀਕਾ ਦੀਆਂ ਸਰਕਾਰਾਂ ਵਿਚਕਾਰ ਤਾਲਮੇਲ ਤੋਂ ਬਾਅਦ ਅਮਰੀਕੀ ਅਧਿਕਾਰੀਆਂ ਨੇ ਉਸ ਨੂੰ ਭਾਰਤ ਭੇਜਿਆ। ਦਿੱਲੀ ਹਵਾਈ ਅੱਡੇ ’ਤੇ ਪਹੁੰਚਦੇ ਹੀ NIA ਦੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਜਾਂਚ ਦੌਰਾਨ NIA ਵੱਲੋਂ ਸੁਰਿੰਦਰ ਸਿੰਘ ਖ਼ਿਲਾਫ਼ ਪਹਿਲਾਂ ਹੀ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਅਧਿਕਾਰੀਆਂ ਮੁਤਾਬਕ ਮੁਲਜ਼ਮ ਵਿਰੁੱਧ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।

ਅਪ੍ਰੈਲ 2026 ਵਿੱਚ ਹੋਇਆ ਸੀ ਰੇਲਵੇ ਲਾਈਨ ’ਤੇ ਧਮਾਕਾ

ਇਹ ਗ੍ਰਿਫ਼ਤਾਰੀ 27 ਅਪ੍ਰੈਲ, 2026 ਨੂੰ ਪੰਜਾਬ ਵਿੱਚ ਸ਼ੰਭੂ ਅਤੇ ਰਾਜਪੁਰਾ ਰੇਲਵੇ ਸਟੇਸ਼ਨਾਂ ਵਿਚਕਾਰ ਡੈਡੀਕੇਟਿਡ ਫਰੇਟ ਕੋਰੀਡੋਰ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (DFCCIL) ਦੀ ਰੇਲਵੇ ਲਾਈਨ ’ਤੇ ਹੋਏ ਧਮਾਕੇ ਨਾਲ ਸਬੰਧਤ ਹੈ।

ਜਾਂਚ ਏਜੰਸੀਆਂ ਨੇ ਇਲਜ਼ਾਮ ਲਾਇਆ ਹੈ ਕਿ ਇਹ ਧਮਾਕਾ KZF ਦੇ ਕਾਰਕੁਨਾਂ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗਾੜਨ, ਫ਼ਿਰਕੂ ਸਦਭਾਵਨਾ ਨੂੰ ਠੇਸ ਪਹੁੰਚਾਉਣ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਵੱਡੀ ਸਾਜ਼ਿਸ਼ ਤਹਿਤ ਕੀਤਾ ਗਿਆ ਸੀ।

ਸੋਸ਼ਲ ਮੀਡੀਆ ’ਤੇ ਧਮਾਕੇ ਦੀ ਵਡਿਆਈ ਕਰਨ ਦਾ ਇਲਜ਼ਾਮ

NIA ਦੀ ਜਾਂਚ ਮੁਤਾਬਕ ਧਮਾਕੇ ਤੋਂ ਬਾਅਦ ਸੁਰਿੰਦਰ ਸਿੰਘ ਨੇ ਕਥਿਤ ਤੌਰ ’ਤੇ ਫੇਸਬੁੱਕ ’ਤੇ ਇੱਕ ਵੀਡੀਓ ਅਪਲੋਡ ਕਰਕੇ ਇਸ ਘਟਨਾ ਦੀ ਵਡਿਆਈ ਕੀਤੀ ਸੀ ਅਤੇ ਸਾਜ਼ਿਸ਼ ਵਿੱਚ ਸ਼ਾਮਲ ਲੋਕਾਂ ਦਾ ਸਮਰਥਨ ਕੀਤਾ ਸੀ।

ਰਿਪੋਰਟਾਂ ਮੁਤਾਬਕ ਵੀਡੀਓ ਵਿੱਚ ਮੁਲਜ਼ਮ ਨੇ ਧਮਾਕੇ ਨੂੰ ਅੰਜਾਮ ਦੇਣ ਦੌਰਾਨ ਮਾਰੇ ਗਏ ਜਗਰੂਪ ਸਿੰਘ ਦੀ ਪ੍ਰਸ਼ੰਸਾ ਕੀਤੀ ਸੀ ਅਤੇ ਉਸ ਨੂੰ ਸ਼ਹੀਦ ਵਜੋਂ ਪੇਸ਼ ਕੀਤਾ ਸੀ। NIA ਨੇ ਇਹ ਵੀ ਇਲਜ਼ਾਮ ਲਾਇਆ ਹੈ ਕਿ ਸੁਰਿੰਦਰ ਸਿੰਘ ਨੇ ਪਾਬੰਦੀਸ਼ੁਦਾ ਜਥੇਬੰਦੀ KZF ਨੂੰ "ਕੌਮੀ ਜਥੇਬੰਦੀ" ਦੱਸਿਆ ਸੀ। ਇਸ ਤੋਂ ਇਲਾਵਾ ਉਸ ਨੇ ਨਾਮਜ਼ਦ ਅੱਤਵਾਦੀ ਰਣਜੀਤ ਸਿੰਘ ਉਰਫ਼ ਨੀਟਾ ਨੂੰ "ਕੌਮ ਦਾ ਜਰਨੈਲ" ਕਹਿ ਕੇ ਸੰਬੋਧਨ ਕੀਤਾ ਸੀ।

ਵਿਦੇਸ਼ੀ ਨੈੱਟਵਰਕ ਦੀ ਜਾਂਚ ਜਾਰੀ

ਸੁਰਿੰਦਰ ਸਿੰਘ ਦੀ ਗ੍ਰਿਫ਼ਤਾਰੀ ਨਾਲ ਰਾਜਪੁਰਾ-ਸ਼ੰਭੂ ਰੇਲਵੇ ਧਮਾਕਾ ਮਾਮਲੇ ਵਿੱਚ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਗਿਣਤੀ ਅੱਠ ਹੋ ਗਈ ਹੈ। NIA ਨੇ ਕਿਹਾ ਹੈ ਕਿ ਇਸ ਸਾਜ਼ਿਸ਼ ਦੀ ਪੂਰੀ ਤਹਿ ਤੱਕ ਪਹੁੰਚਣ ਲਈ ਅਗਲੇਰੀ ਜਾਂਚ ਜਾਰੀ ਹੈ।

ਜਾਂਚ ਟੀਮਾਂ ਇਸ ਮਾਮਲੇ ਨਾਲ ਜੁੜੇ ਵਿਦੇਸ਼ਾਂ ਵਿੱਚ ਬੈਠੇ ਸਹਿਯੋਗੀਆਂ ਦੀ ਭੂਮਿਕਾ, ਫੰਡਿੰਗ ਦੇ ਸਰੋਤਾਂ ਅਤੇ ਅੱਤਵਾਦੀ ਸਹਾਇਤਾ ਨੈੱਟਵਰਕ ਦੀ ਪੜਤਾਲ ਕਰ ਰਹੀਆਂ ਹਨ। ਏਜੰਸੀ ਦਾ ਉਦੇਸ਼ ਇਸ ਨੈੱਟਵਰਕ ਨੂੰ ਖ਼ਤਮ ਕਰਨਾ ਹੈ।