ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਇਤਿਹਾਸਕ ਕਮੀ ਆਈ, ਮੋਦੀ ਸਰਕਾਰ ਦੇ ਮੰਤਰੀ ਨੇ ਵੀ ਮੰਨਿਆ: ਕੇਜਰੀਵਾਲ

ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਇਤਿਹਾਸਕ ਕਮੀ ਆਈ, ਮੋਦੀ ਸਰਕਾਰ ਦੇ ਮੰਤਰੀ ਨੇ ਵੀ ਮੰਨਿਆ: ਕੇਜਰੀਵਾਲ

ਨਵੀਂ ਦਿੱਲੀ, 19 ਨਵੰਬਰ: ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਉਣ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰੀ ਮੰਤਰੀ ਖ਼ੁਦ ਮੰਨ ਰਹੇ ਹਨ ਕਿ ਪੰਜਾਬ ਦੇ ਕਿਸਾਨਾਂ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫ਼ੀ ਕਮੀ ਲਿਆਂਦੀ ਹੈ। ਉਨ੍ਹਾਂ ਭਾਜਪਾ ਅਤੇ ਕਾਂਗਰਸ ’ਤੇ ਗੰਦੀ ਰਾਜਨੀਤੀ ਤਹਿਤ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਦੋਸ਼ ਲਗਾਇਆ।

ਕੇਜਰੀਵਾਲ ਨੇ ਸ਼ਿਵਰਾਜ ਸਿੰਘ ਚੌਹਾਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਕਿਹਾ ਕਿ ਬਦਕਿਸਮਤੀ ਹੈ ਕਿ ਭਾਜਪਾ ਆਪਣੀ ਗੰਦੀ ਰਾਜਨੀਤੀ ਤਹਿਤ ਕਾਂਗਰਸ ਨਾਲ ਮਿਲ ਕੇ ਦਿਨ-ਰਾਤ ਪੰਜਾਬ ਦੇ ਕਿਸਾਨਾਂ ਨੂੰ ਗਾਲ੍ਹਾਂ ਕੱਢਦੀ ਰਹਿੰਦੀ ਹੈ।

ਕੇਂਦਰੀ ਮੰਤਰੀ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਜਦੋਂ ਕੇਂਦਰੀ ਮੰਤਰੀ ਖ਼ੁਦ ਮੰਨ ਰਹੇ ਹਨ ਕਿ ਪੰਜਾਬ ਦੇ ਕਿਸਾਨਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਇਤਿਹਾਸਕ ਕਮੀ ਕੀਤੀ ਹੈ ਤਾਂ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਰਾਜਨੀਤੀ ਬੰਦ ਹੋਣੀ ਚਾਹੀਦੀ ਹੈ।

ਦੂਜੇ ਪਾਸੇ, ‘ਆਪ’ ਦਿੱਲੀ ਦੇ ਸੂਬਾ ਪ੍ਰਧਾਨ ਸੌਰਭ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਵਰਾਜ ਸਿੰਘ ਚੌਹਾਨ ਅਤੇ ਉਨ੍ਹਾਂ ਦੇ ਸਿਆਸੀ ਕਰੀਅਰ ਦੀ ਚਿੰਤਾ ਹੋ ਰਹੀ ਹੈ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਬਿਆਨ ਦੇਣ ਕਾਰਨ ਕਿਤੇ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਨਾ ਦਿੱਤਾ ਜਾਵੇ।

ਸੌਰਭ ਭਾਰਦਵਾਜ ਨੇ ਕਿਹਾ ਕਿ ਮੋਦੀ ਸਰਕਾਰ ਵਿੱਚ ਰਹਿੰਦਿਆਂ ਅੱਜ-ਕੱਲ੍ਹ ਕਿਸੇ ਕੋਲ ਇੰਨਾ ਸੱਚ ਬੋਲਣ ਦੀ ਹਿੰਮਤ ਨਹੀਂ ਹੈ, ਜਿੰਨਾ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਦਿੱਲੀ ਵਿੱਚ ਭਾਜਪਾ ਸਰਕਾਰ ਦੇ ਮੰਤਰੀ ਰੋਜ਼ਾਨਾ ਪੰਜਾਬ ਦੀ ਪਰਾਲੀ ਅਤੇ ਕਿਸਾਨਾਂ ਨੂੰ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਂਦੇ ਹਨ, ਉੱਥੇ ਹੀ ਸ਼ਿਵਰਾਜ ਸਿੰਘ ਚੌਹਾਨ ਨੇ ਵਿਗਿਆਨਕ ਡੇਟਾ ਦੇ ਆਧਾਰ ’ਤੇ ਕਿਹਾ ਹੈ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਠੀਕ ਨਹੀਂ ਹੈ।

ਸੌਰਭ ਭਾਰਦਵਾਜ ਨੇ ਦਾਅਵਾ ਕੀਤਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 90 ਫ਼ੀਸਦੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਆਪਣੀ ਮਿਹਨਤ ਅਤੇ ਨੁਕਸਾਨ ਝੱਲ ਕੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਖ਼ਰੀਦੀ ਹੈ ਅਤੇ ਪਰਾਲੀ ਨੂੰ ਰੀਸਾਈਕਲ ਕਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀ ਇਸ ਮਿਹਨਤ ਦੀ ਸ਼ਲਾਘਾ ਨਹੀਂ ਕੀਤੀ ਜਾਵੇਗੀ ਤਾਂ ਉਹ ਅੱਗੇ ਅਜਿਹੇ ਯਤਨ ਕਿਉਂ ਕਰਨਗੇ। ਸੌਰਭ ਭਾਰਦਵਾਜ ਨੇ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਦੀ ਸ਼ਲਾਘਾ ਕਰਨ ਲਈ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਧੰਨਵਾਦ ਕੀਤਾ ਅਤੇ ਮੁੜ ਕਿਹਾ ਕਿ ਉਨ੍ਹਾਂ ਨੂੰ ਕੇਂਦਰੀ ਮੰਤਰੀ ਦੀ ਬਹੁਤ ਚਿੰਤਾ ਹੈ।