ਪੰਜਾਬ ਸਰਕਾਰ ਨੇ ਗੱਲਬਾਤ ਲਈ ਤਾਇਨਾਤ ਕੀਤੀਆਂ 3 ਮਹਿਲਾ IAS ਅਧਿਕਾਰੀ

ਪੰਜਾਬ ਸਰਕਾਰ ਨੇ ਗੱਲਬਾਤ ਲਈ ਤਾਇਨਾਤ ਕੀਤੀਆਂ 3 ਮਹਿਲਾ IAS ਅਧਿਕਾਰੀ

Parvinder Jhota Murder Case: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦਰਮਿਆਨ ਪੰਜਾਬ ਸਰਕਾਰ ਨੇ ਐਕਸ਼ਨ ਕਮੇਟੀ ਨਾਲ ਗੱਲਬਾਤ ਸ਼ੁਰੂ ਕਰਨ ਲਈ ਪਹਿਲਕਦਮੀ ਕੀਤੀ ਹੈ। ਸਰਕਾਰ ਨੇ ਐਕਸ਼ਨ ਕਮੇਟੀ ਨਾਲ ਰਾਬਤਾ ਕਾਇਮ ਕਰਨ ਵਾਸਤੇ ਤਿੰਨ ਮਹਿਲਾ IAS ਅਧਿਕਾਰੀਆਂ ਦੀ ਕਮੇਟੀ ਬਣਾਈ ਹੈ। ਇਸ ਤੋਂ ਬਾਅਦ ਅੱਜ ਦੋਵਾਂ ਧਿਰਾਂ ਵਿਚਾਲੇ ਰਸਮੀ ਗੱਲਬਾਤ ਸ਼ੁਰੂ ਹੋਣ ਦੀ ਉਮੀਦ ਹੈ।

ਤਿੰਨ ਮੈਂਬਰੀ ਕਮੇਟੀ ਵਿੱਚ ਕੌਣ-ਕੌਣ ਸ਼ਾਮਲ?

ਸਰਕਾਰ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵਿੱਚ 2007 ਬੈਚ ਦੀ IAS ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ, 2011 ਬੈਚ ਦੀ IAS ਅਧਿਕਾਰੀ ਅਪਨੀਤ ਰਿਆਤ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਸ਼ਾਮਲ ਹਨ।

ਕੰਵਲਪ੍ਰੀਤ ਕੌਰ ਬਰਾੜ ਇਸ ਸਮੇਂ ਫ਼ਰੀਦਕੋਟ ਰੇਂਜ ਦੇ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜਦਕਿ ਅਪਨੀਤ ਰਿਆਤ ਪਹਿਲਾਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਨਸਾ ਦੀ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ। ਉਨ੍ਹਾਂ ਦਾ ਸਹੁਰਾ ਪਰਿਵਾਰ ਵੀ ਮਾਨਸਾ ਜ਼ਿਲ੍ਹੇ ਦੇ ਪਿੰਡ ਦਾਤੇਵਾਸ ਵਿੱਚ ਰਹਿੰਦਾ ਹੈ।

ਅੱਜ ਸ਼ਾਮ ਗੱਲਬਾਤ ਹੋਣ ਦੀ ਸੰਭਾਵਨਾ

ਕੰਵਲਪ੍ਰੀਤ ਕੌਰ ਬਰਾੜ ਅਤੇ ਅਪਨੀਤ ਰਿਆਤ ਬੀਤੀ ਰਾਤ ਹੀ ਮਾਨਸਾ ਪਹੁੰਚ ਗਏ ਸਨ। ਹੁਣ ਅੱਜ ਸ਼ਾਮ ਨੂੰ ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਵਿਚਾਲੇ ਮੁੱਢਲੇ ਪੱਧਰ ’ਤੇ ਗੱਲਬਾਤ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਪਹਿਲਾਂ ਸਥਾਨਕ ਪੁਲਿਸ ਅਧਿਕਾਰੀ ਐਕਸ਼ਨ ਕਮੇਟੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਕਮੇਟੀ ਨੇ ਪੁਲਿਸ ਅਧਿਕਾਰੀਆਂ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਲਗਭਗ ਇੱਕ ਹਫ਼ਤੇ ਬਾਅਦ ਪੰਜਾਬ ਸਰਕਾਰ ਨੇ ਸਿੱਧੇ ਤੌਰ ’ਤੇ ਗੱਲਬਾਤ ਦਾ ਰਾਹ ਅਖ਼ਤਿਆਰ ਕੀਤਾ ਹੈ।

```