ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਜੱਦੀ ਪਿੰਡ ਜਗਾ ਰਾਮ ਤੀਰਥ ਵਿਖੇ ਕੀਤੀ ਲੋਕ ਮਿਲਣੀ, ਸੁੁਣੀਆਂ ਲੋਕਾਂ ਦੀਆਂ ਮੁਸ਼ਕਲਾਂ (ਹਰ ਥਾਂ ਲੋਕ ‘ਆਪ’ ਸਰਕਾਰ ਮੁੜ ਬਣਾਉਣ ਦੀ ਗੱਲ ਕਰ ਰਹੇ ਹਨ- ਬੀਬਾ ਬਲਜਿੰਦਰ ਕੌਰ)
ਤਲਵੰਡੀ ਸਾਬੋ, 10 ਸਤੰਬਰ (ਗੁਰਜੰਟ ਸਿੰਘ ਨਥੇਹਾ)- ਹਲਕਾ ਤਲਵੰਡੀ ਸਾਬੋ ਦੇ ਨੇੜਲੇ ਪਿੰਡ ਜਗਾ ਰਾਮ ਤੀਰਥ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਈ ਗਈ ਲੋਕ ਮਿਲਣੀ ਦੌਰਾਨ ਕੈਬਨਿਟ ਰੈਂਕ ਪ੍ਰਾਪਤ ਬੀਬਾ ਬਲਜਿੰਦਰ ਕੌਰ ਨੇ ਪਿੰਡ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬੀਬਾ ਬਲਜਿੰਦਰ ਕੌਰ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਤਹਿਤ ਉਹ ਹੁਣ ਤੱਕ ਕਰੀਬ 50 ਪਿੰਡਾਂ ਦਾ ਦੌਰਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਲੋਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਇੱਕੋ ਜਿਹੀ ਗੱਲ ਸੁਣਨ ਨੂੰ ਮਿਲ ਰਹੀ ਹੈ ਕਿ 2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਬੀਬਾ ਬਲਜਿੰਦਰ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਅਜਿਹੇ ਕਈ ਕੰਮ ਕਰਵਾਏ ਗਏ ਹਨ, ਜੋ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ 50 ਸਾਲਾਂ ਤੋਂ ਰੁਕੇ ਹੋਏ ਕੰਮਾਂ ਨੂੰ ਵੀ ਨੇਪਰੇ ਚਾੜ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਗਲੀਆਂ, ਸੱਥਾਂ, ਛੱਪੜਾਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਲੋੜਵੰਦ ਅਤੇ ਗਰੀਬ ਪਰਿਵਾਰਾਂ ਨੂੰ ਮਕਾਨ ਬਣਾ ਕੇ ਦੇਣ ਸਮੇਤ ਲੋਕ ਭਲਾਈ ਦੇ ਕਈ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਅਤੇ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਲੋਕ ਮਿਲਣੀਆਂ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਸੰਭਵ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਬੀਬਾ ਬਲਜਿੰਦਰ ਕੌਰ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਹੁੰਗਾਰੇ ਤੋਂ ਸਪੱਸ਼ਟ ਹੈ ਕਿ ਉਹ 2027 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਉਤਸ਼ਾਹਿਤ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਹਲਕੇ ਦੇ ਵਿਕਾਸ ਲਈ ਭਵਿੱਖ ਵਿੱਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਹਾਜ਼ਰ ਸਨ।
Posted By: GURJANT SINGH