ਅੰਮ੍ਰਿਤਸਰ 'ਚ ਆਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ 8 ਸਾਲਾ ਬੱਚਾ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
Dog Attack: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਹਲਕੇ ਅਧੀਨ ਆਉਂਦੇ ਪਿੰਡ ਜਲਾਲ ਵਿੱਚ ਆਵਾਰਾ ਕੁੱਤਿਆਂ ਦੇ ਝੁੰਡ ਨੇ 8 ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਬੱਚੇ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ। ਉਹ ਤਿੰਨ ਭੈਣਾਂ ਦਾ ਇਕਲੌਤਾ ਅਤੇ ਸਭ ਤੋਂ ਛੋਟਾ ਭਰਾ ਸੀ।
ਜਾਣਕਾਰੀ ਅਨੁਸਾਰ, ਰਣਜੀਤ ਸਿੰਘ ਪਿੰਡ ਦੇ ਮੈਦਾਨ ਵਿੱਚ ਖੇਡਣ ਗਿਆ ਸੀ, ਜਿੱਥੇ ਅਚਾਨਕ ਆਵਾਰਾ ਕੁੱਤਿਆਂ ਦੇ ਝੁੰਡ ਨੇ ਉਸ 'ਤੇ ਹਮਲਾ ਕਰ ਦਿੱਤਾ। ਹਮਲਾ ਇੰਨਾ ਭਿਆਨਕ ਸੀ ਕਿ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਘਟਨਾ ਉਸ ਸਮੇਂ ਸਾਹਮਣੇ ਆਈ, ਜਦੋਂ ਪਿੰਡ ਦੇ ਕੁਝ ਛੋਟੇ ਬੱਚਿਆਂ ਨੇ ਰਣਜੀਤ ਸਿੰਘ ਦੀ ਮ੍ਰਿਤਕ ਦੇਹ ਜ਼ਮੀਨ 'ਤੇ ਪਈ ਦੇਖੀ। ਉਨ੍ਹਾਂ ਨੇ ਰੌਲਾ ਪਾਇਆ, ਜਿਸ ਤੋਂ ਬਾਅਦ ਪਿੰਡ ਵਾਸੀ ਮੌਕੇ 'ਤੇ ਇਕੱਠੇ ਹੋ ਗਏ।
ਬੱਚੇ ਦੀ ਖੋਪੜੀ ਅਤੇ ਕੰਨ ਬੁਰੀ ਤਰ੍ਹਾਂ ਨੋਚੇ
ਪਿੰਡ ਵਾਸੀਆਂ ਅਨੁਸਾਰ, ਕੁੱਤਿਆਂ ਨੇ ਬੱਚੇ ਦੀ ਖੋਪੜੀ ਅਤੇ ਕੰਨਾਂ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਬੱਚਾ ਬੇਹੱਦ ਗਰੀਬ ਪਰਿਵਾਰ ਨਾਲ ਸਬੰਧਤ ਸੀ, ਜਿਸ ਦਾ ਗੁਜ਼ਾਰਾ ਵੀ ਮੁਸ਼ਕਿਲ ਨਾਲ ਚੱਲ ਰਿਹਾ ਸੀ।
ਇਸ ਦਰਦਨਾਕ ਘਟਨਾ ਤੋਂ ਬਾਅਦ ਪਰਿਵਾਰ ਡੂੰਘੇ ਸਦਮੇ ਵਿੱਚ ਹੈ, ਜਦਕਿ ਪੂਰੇ ਇਲਾਕੇ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਹੈ।
ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਅਤੇ ਇਲਾਕੇ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ।