ਰਾਜੋਆਣਾ ਕਲਾਂ ਗੁਰਦੁਆਰਾ ਗੋਲੀਕਾਂਡ: ਮੁੱਖ ਮੁਲਜ਼ਮ ਰਾਜੂ ਦੀ ਪੁਲੀਸ ਹਿਰਾਸਤ ’ਚ ਮੌਤ
ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿੱਚ ਦਾਖ਼ਲ ਹੋ ਕੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਦੀ ਪੁਲੀਸ ਹਿਰਾਸਤ ਦੌਰਾਨ ਮੌਤ ਹੋ ਗਈ ਹੈ। ਉਸ ਨੇ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ।
ਸੋਮਵਾਰ ਸ਼ਾਮ ਨੂੰ ਜ਼ਿਲ੍ਹਾ ਪੁਲੀਸ ਮੁਖੀ ਡਾ. ਅੰਕੁਰ ਗੁਪਤਾ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਰਾਜੂ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ ਸੀ। ਮੁੱਖ ਮੁਲਜ਼ਮ ਨੂੰ ਕਾਊਂਟਰ ਇੰਟੈਲੀਜੈਂਸ ਅਤੇ ਸੀ.ਆਈ.ਏ. ਜਗਰਾਉਂ ਦੀਆਂ ਟੀਮਾਂ ਨੇ ਗ੍ਰਿਫ਼ਤਾਰ ਕੀਤਾ ਸੀ।
ਘਬਰਾਹਟ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ
ਜਾਣਕਾਰੀ ਅਨੁਸਾਰ, ਥਾਣਾ ਸੁਧਾਰ ਦੀ ਪੁਲੀਸ ਨੇ ਸੋਮਵਾਰ ਸ਼ਾਮ ਨੂੰ ਹੀ ਰਾਜੂ ਨੂੰ ਹਿਰਾਸਤ ਵਿੱਚ ਲਿਆ ਸੀ। ਕੁਝ ਸਮੇਂ ਬਾਅਦ ਉਸ ਨੇ ਘਬਰਾਹਟ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਸੁਧਾਰ ਲਿਆਂਦਾ ਗਿਆ।
ਉਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ। ਇੱਥੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੌਤ ਦੀ ਪੁਸ਼ਟੀ ਤੋਂ ਬਾਅਦ ਪੁਲੀਸ ਅਧਿਕਾਰੀਆਂ ਨੇ ਇਸ ਮਾਮਲੇ ’ਤੇ ਫ਼ਿਲਹਾਲ ਚੁੱਪ ਧਾਰੀ ਹੋਈ ਹੈ।
ਮੈਜਿਸਟਰੇਟ ਦੀ ਮੌਜੂਦਗੀ ’ਚ ਹੋਵੇਗਾ ਪੋਸਟਮਾਰਟਮ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਸ ਦਾ ਪੋਸਟਮਾਰਟਮ ਡਿਊਟੀ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਵੀਡੀਓਗ੍ਰਾਫ਼ੀ ਕਰਵਾਉਂਦੇ ਹੋਏ ਕੀਤਾ ਜਾਵੇਗਾ।
ਦੱਸਿਆ ਜਾਂਦਾ ਹੈ ਕਿ ਰਾਜ ਸਿੰਘ ਉਰਫ਼ ਰਾਜੂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਲੁੱਟ-ਖੋਹ, ਅਸਲਾ ਐਕਟ ਅਤੇ ਨਸ਼ਾ ਤਸਕਰੀ ਦੇ 7 ਮੁਕੱਦਮੇ ਦਰਜ ਸਨ। ਪੁਲੀਸ ਸੂਤਰਾਂ ਅਨੁਸਾਰ ਉਹ ਕਾਫ਼ੀ ਸਮੇਂ ਤੋਂ ਬਿਮਾਰ ਸੀ ਅਤੇ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੀ। ਰਿਪੋਰਟ ਮੁਤਾਬਕ, ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਅਜੇ ਸੰਪਰਕ ਨਹੀਂ ਹੋ ਸਕਿਆ ਸੀ।