ਸਾਬਕਾ ED ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਲੜ ਸਕਦੇ ਹਨ ਅਸੈਂਬਲੀ ਚੋਣ, ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਦੀ ਤਿਆਰੀ

ਸਾਬਕਾ ED ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਲੜ ਸਕਦੇ ਹਨ ਅਸੈਂਬਲੀ ਚੋਣ, ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਦੀ ਤਿਆਰੀ

ਐਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਦੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਨੂੰ ਲੈ ਕੇ ਅੱਜ ਰਸਮੀ ਗੱਲਬਾਤ ਹੋਈ ਹੈ।

ਅਹਿਮ ਸੂਤਰਾਂ ਅਨੁਸਾਰ ਨਿਰੰਜਨ ਸਿੰਘ ਭਲਕੇ ਜਲੰਧਰ ਵਿੱਚ ਰਸਮੀ ਤੌਰ ’ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋਣ ਦਾ ਐਲਾਨ ਕਰਨਗੇ। ਇਸ ਸਬੰਧੀ ਭਲਕੇ ਪ੍ਰੈੱਸ ਕਾਨਫਰੰਸ ਵੀ ਸੱਦੀ ਗਈ ਹੈ।

ਨਿਰੰਜਨ ਸਿੰਘ ਦੀ ਰਿਹਾਇਸ਼ ’ਤੇ ਹੋਈ ਮੀਟਿੰਗ

ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਅਤੇ ਬਾਪੂ ਤਰਸੇਮ ਸਿੰਘ ਨੇ ਅੱਜ ਜਲੰਧਰ ਵਿੱਚ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਦੀ ਰਿਹਾਇਸ਼ ’ਤੇ ਮੀਟਿੰਗ ਕੀਤੀ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਨਿਰੰਜਨ ਸਿੰਘ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਲਈ ਸਹਿਮਤੀ ਦੇ ਦਿੱਤੀ ਹੈ।

ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਮੀਟਿੰਗ ਦੀ ਪੁਸ਼ਟੀ ਕਰਦਿਆਂ ਨਿਰੰਜਨ ਸਿੰਘ ਦੇ ਭਲਕੇ ਪਾਰਟੀ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਹੈ।

ਸੂਤਰਾਂ ਮੁਤਾਬਕ ਪਾਰਟੀ ਉਨ੍ਹਾਂ ਨੂੰ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਸਾਫ਼ ਛਵੀ ਵਾਲੇ ਅਧਿਕਾਰੀ ਦੀ ਸ਼ਮੂਲੀਅਤ ਨਾਲ ਦੋਆਬੇ ਵਿੱਚ ਪਾਰਟੀ ਨੂੰ ਫ਼ਾਇਦਾ ਹੋ ਸਕਦਾ ਹੈ।

ਭੋਲਾ ਡਰੱਗ ਕੇਸ ਦੀ ਜਾਂਚ ਕਾਰਨ ਆਏ ਸਨ ਚਰਚਾ ਵਿੱਚ

ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਉਸ ਸਮੇਂ ਚਰਚਾ ਵਿੱਚ ਆਏ ਸਨ, ਜਦੋਂ ਉਨ੍ਹਾਂ ਨੇ ਭੋਲਾ ਡਰੱਗ ਕੇਸ ਵਿੱਚ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕੀਤੀ ਸੀ। ਉਸ ਸਮੇਂ ਉਨ੍ਹਾਂ ਨੇ ਦੋ ਸਾਬਕਾ ਅਕਾਲੀ ਮੰਤਰੀਆਂ ਤੋਂ ਵੀ ਪੁੱਛਗਿੱਛ ਕੀਤੀ ਸੀ।

ਕੇਂਦਰ ਸਰਕਾਰ ਨੇ 2015 ਵਿੱਚ ਉਨ੍ਹਾਂ ਦਾ ਤਬਾਦਲਾ ਕੋਲਕਾਤਾ ਕਰ ਦਿੱਤਾ ਸੀ, ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਤਬਾਦਲੇ ’ਤੇ ਰੋਕ ਲਗਾ ਦਿੱਤੀ ਸੀ।

ਮਈ 2021 ਵਿੱਚ ਨਿਰੰਜਨ ਸਿੰਘ ਜਲੰਧਰ ਤੋਂ ਆਪਣੇ ਅਹੁਦੇ ਤੋਂ ਸੇਵਾਮੁਕਤ ਹੋ ਚੁੱਕੇ ਹਨ।

ਹੋਰ ਸਾਬਕਾ ਅਧਿਕਾਰੀਆਂ ਨਾਲ ਵੀ ਸੰਪਰਕ

ਅੱਜ ਜਲੰਧਰ ਦੀ ਅਟਵਾਲ ਕਲੋਨੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਆਗੂ ਪਹੁੰਚੇ ਹੋਏ ਸਨ। ਅੱਜ ਹੋਈ ਮੀਟਿੰਗ ਵਿੱਚ ਆਗੂ ਬਾਬੂ ਸਿੰਘ ਬਰਾੜ ਅਤੇ ਸਾਬਕਾ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਵੀ ਸ਼ਾਮਲ ਸਨ।

ਪਤਾ ਲੱਗਿਆ ਹੈ ਕਿ ਪਾਰਟੀ ਹੋਰ ਸਾਬਕਾ ਅਧਿਕਾਰੀਆਂ ਨਾਲ ਵੀ ਰਾਬਤਾ ਕਾਇਮ ਕਰ ਰਹੀ ਹੈ, ਜਿਨ੍ਹਾਂ ਦੀ ਸਰਵਿਸ ਦੌਰਾਨ ਛਵੀ ਸਾਫ਼ ਰਹੀ ਹੈ।

ਇਸ ਮਾਮਲੇ ਸਬੰਧੀ ਪਾਰਟੀ ਦੀ ਅਗਵਾਈ ਕਰ ਰਹੇ ਮਨਪ੍ਰੀਤ ਸਿੰਘ ਇਆਲੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨੇ ਫ਼ੋਨ ਨਹੀਂ ਚੁੱਕਿਆ।