ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਕਲ ਰੋਕਣ ਲਈ ਅੱਠ ਸਕੂਲ ਜਥੇਬੰਦੀਆਂ ਨਾਲ ਮੀਟਿੰਗ, ਨਕਲ-ਮੁਕਤ ਪ੍ਰੀਖਿਆਵਾਂ ਦਾ ਲਿਆ ਅਹਿਦ
- ਪੰਜਾਬ
- (Asia/Kolkata)
ਪੰਜਾਬ ਸਕੂਲ ਸਿੱਖਿਆ ਬੋਰਡ: ਪੰਜਾਬ ਵਿੱਚ ਨਕਲ-ਮੁਕਤ, ਨਿਰਪੱਖ ਅਤੇ ਪਾਰਦਰਸ਼ੀ ਪ੍ਰੀਖਿਆ ਪ੍ਰਣਾਲੀ ਯਕੀਨੀ ਬਣਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਐਫੀਲੀਏਟਿਡ ਸਕੂਲਾਂ ਦੀਆਂ ਅੱਠ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਜਥੇਬੰਦੀਆਂ ਨੇ ਅਹਿਦ ਲਿਆ ਕਿ ਉਹ ਸਕੂਲਾਂ ਵਿੱਚ ਨਕਲ ਰੋਕਣ ਅਤੇ ਵਿਦਿਆਰਥੀਆਂ ਨੂੰ ਇਮਾਨਦਾਰੀ ਨਾਲ ਪ੍ਰੀਖਿਆਵਾਂ ਦੇਣ ਲਈ ਪ੍ਰੇਰਿਤ ਕਰਨ ਵਾਸਤੇ ਬੋਰਡ ਨੂੰ ਪੂਰਾ ਸਹਿਯੋਗ ਦੇਣਗੀਆਂ।
ਇਸ ਮੌਕੇ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਨਕਲ ਦੀ ਸਮੱਸਿਆ ਦਾ ਹੱਲ ਸਿਰਫ਼ ਪ੍ਰੀਖਿਆ ਕੇਂਦਰਾਂ ਵਿੱਚ ਸਖ਼ਤ ਨਿਗਰਾਨੀ ਜਾਂ ਨਿਯਮ ਲਾਗੂ ਕਰਨ ਨਾਲ ਨਹੀਂ ਹੋ ਸਕਦਾ। ਇਸ ਲਈ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੀ ਸਾਂਝੀ ਜ਼ਿੰਮੇਵਾਰੀ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਨਕਲ ਰੋਕਣ ਲਈ ਪ੍ਰਬੰਧਕੀ ਅਤੇ ਸੁਪਰਵਾਈਜ਼ਰੀ ਸਿਸਟਮ ਪਹਿਲਾਂ ਹੀ ਸਥਾਪਤ ਕੀਤਾ ਗਿਆ ਹੈ। ਹਾਲਾਂਕਿ, ਇਸ ਪ੍ਰਣਾਲੀ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਸਕੂਲਾਂ ਅਤੇ ਪ੍ਰੀਖਿਆ ਕੇਂਦਰਾਂ ਦੀ ਵੀ ਵੱਡੀ ਜ਼ਿੰਮੇਵਾਰੀ ਹੈ।
ਚੇਅਰਮੈਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਇਹ ਸਮਝਾਉਣ ਦੀ ਲੋੜ ਹੈ ਕਿ ਅਸਲ ਸਫਲਤਾ ਨਕਲ ਰਾਹੀਂ ਪ੍ਰਾਪਤ ਕੀਤੇ ਅੰਕਾਂ ਵਿੱਚ ਨਹੀਂ, ਸਗੋਂ ਆਪਣੀ ਮਿਹਨਤ, ਗਿਆਨ ਅਤੇ ਯੋਗਤਾ ਨਾਲ ਹਾਸਲ ਕੀਤੇ ਨਤੀਜਿਆਂ ਵਿੱਚ ਹੈ।
ਮੀਟਿੰਗ ਦੌਰਾਨ ਅਧਿਆਪਕਾਂ ਦੀ ਸਮਰੱਥਾ ਵਧਾਉਣ ਅਤੇ ਵਿਦਿਆਰਥੀਆਂ ਵਿੱਚ ਨਕਲ ਵਿਰੋਧੀ ਪ੍ਰੋਗਰਾਮਾਂ ਦੀ ਮਹੱਤਤਾ ਬਾਰੇ ਵੀ ਚਰਚਾ ਕੀਤੀ ਗਈ। ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਬੋਰਡ ਵੱਲੋਂ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਸਮਰੱਥਾ ਵਧਾਉਣ ਲਈ ਲਗਾਤਾਰ ਸਿਖਲਾਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ।