ਜੇ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਹੀ ਬਚ ਸਕਦਾ ਹੈ ਪੰਜਾਬ : ਚਰਨਜੀਤ ਸਿੰਘ ਬਰਾੜ

ਜੇ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਹੀ ਬਚ ਸਕਦਾ ਹੈ ਪੰਜਾਬ : ਚਰਨਜੀਤ ਸਿੰਘ ਬਰਾੜ

ਰਾਜਪੁਰਾ, 16 ਨਵੰਬਰ, (ਰਾਜੇਸ਼ ਡਾਹਰਾ ) ਹਲਕਾ ਰਾਜਪੁਰਾ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਇਸਲਾਮਪੁਰ ਰੋਡ ਸਥਿਤ ਬਿਰਧ ਆਸ਼ਰਮ ਵਿਖੇ ਭਾਜਪਾ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਅਤੇ ਰਿੰਕੂ ਸਲੇਮਪੁਰੀਆ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਦੇ ਸਾਬਕਾ ਬੁਲਾਰੇ ਅਤੇ ਪਿੰਡ ਨਲਾਸ ਦੇ ਆਗੂ ਪਰਮ ਸੈਣੀ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ।

ਇਸ ਮੌਕੇ ਪਰਮ ਸੈਣੀ ਤੋਂ ਇਲਾਵਾ ਸਾਬਕਾ ਇਸਤਰੀ ਅਕਾਲੀ ਦਲ ਪ੍ਰਧਾਨ ਅਮਨਦੀਪ ਕੌਰ, ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜ ਚੁੱਕੀ ਸ਼ਕੁੰਤਲਾ ਬਾਜਵਾ ਅਤੇ ਡਾ. ਸੁਨੀਤਾ ਅਰੋੜਾ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਚਾਰ ਸਰਕਲ ਪ੍ਰਧਾਨਾਂ ਵੀਨਾ ਰਾਣੀ, ਸ਼ਮਸ਼ੇਰ ਸਿੰਘ ਉਕਸੀ, ਰਿੰਕੂ ਸਲੇਮਪੁਰੀਆ ਅਤੇ ਮਾਣਕ ਚੰਦ ਨਾਗਪਾਲ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਸਕੱਤਰ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਚਰਨਜੀਤ ਸਿੰਘ ਬਰਾੜ ਵੱਲੋਂ ਰਾਜਪੁਰਾ ਹਲਕੇ ਵਿੱਚ ਕੀਤੀ ਜਾ ਰਹੀ ਮਿਹਨਤ ਅਤੇ ਉਨ੍ਹਾਂ ਦੀ ਇਮਾਨਦਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ, ਨਸ਼ਿਆਂ ਦੀ ਸਮੱਸਿਆ ਅਤੇ ਦਿਨ-ਦਿਹਾੜੇ ਹੋ ਰਹੀਆਂ ਕਤਲ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੂਬੇ ਵਿੱਚ ਸਿਆਸੀ ਬਦਲਾਅ ਦੀ ਲੋੜ ਹੈ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੋਲੀ ਨੇ ਭਾਜਪਾ ਵਿੱਚ ਸ਼ਾਮਲ ਹੋਏ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਸਾਰੇ ਵਰਕਰਾਂ ਦਾ ਸਹਿਯੋਗ ਅਹਿਮ ਹੈ। ਸਮਾਗਮ ਦੌਰਾਨ ਚਰਨਜੀਤ ਸਿੰਘ ਬਰਾੜ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਹਰਜੀਤ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੋਲੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਭਾਜਪਾ ਦੇ ਸੂਬਾ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਪਾਰਟੀ ਹਰ ਹਾਲਤ ਵਿੱਚ ਹਲਕਾ ਰਾਜਪੁਰਾ ਤੋਂ ਚੋਣ ਜਿੱਤਣ ਲਈ ਪੂਰੀ ਮਿਹਨਤ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਨਵੇਂ ਸਾਥੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਪਰਿਵਾਰ ਲਗਾਤਾਰ ਵਧ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੌਜੂਦਾ ਹਾਲਾਤ ਵਿੱਚੋਂ ਬਾਹਰ ਕੱਢਣ ਅਤੇ ਸੂਬੇ ਦੀ ਬਿਹਤਰੀ ਲਈ ਭਾਜਪਾ ਦੀ ਸਰਕਾਰ ਬਣਨਾ ਜ਼ਰੂਰੀ ਹੈ।