Punjab Infoline

ਪੰਜਾਬੀ

ਉਤਰਾਖੰਡ ਦੇ ਟਿਹਰੀ ਗੜ੍ਹਵਾਲ ’ਚ 100 ਮੀਟਰ ਡੂੰਘੀ ਖੱਡ ’ਚ ਡਿੱਗੀ ਬੱਸ, 8 ਸ਼ਰਧਾਲੂਆਂ ਦੀ ਮੌਤ, 13 ਜ਼ਖ਼ਮੀ

17 Nov, 2026 04:15 PM

Uttarakhand Bus Accident: ਉਤਰਾਖੰਡ ਦੇ ਟਿਹਰੀ ਗੜ੍ਹਵਾਲ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ ਇੱਕ ਭਿਆਨਕ ਬੱਸ ਹਾਦਸਾ ਵਾਪਰਿਆ। ਗੁਲਰ ਬਾਜ਼ਾਰ ਨੇੜੇ ਇੱਕ ਬੱਸ ਰੇਲਿੰਗ ਤੋੜ ਕੇ ਲਗਭਗ 100 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਪੁਲਿਸ ਮੁਤਾਬਕ, ਇਸ ਹਾਦਸੇ ਵਿੱਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ।

30 ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ

ਮੁਨੀ ਕੀ ਰੇਤੀ ਦੇ ਇੰਸਪੈਕਟਰ-ਇਨ-ਚਾਰਜ ਪ੍ਰਦੀਪ ਚੌਹਾਨ ਨੇ ਦੱਸਿਆ ਕਿ ਬੱਸ ਗੁਲਰ ਨੇੜੇ ਰੇਲਿੰਗ ਤੋੜ ਕੇ 100 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। 32 ਸੀਟਾਂ ਵਾਲੀ ਇਸ ਬੱਸ ਵਿੱਚ 30 ਯਾਤਰੀ ਸਵਾਰ ਸਨ।

ਉਨ੍ਹਾਂ ਮੁਤਾਬਕ, 6 ਯਾਤਰੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਬਾਕੀ ਲੋਕਾਂ ਨੂੰ ਬਚਾ ਲਿਆ ਗਿਆ। ਬਾਅਦ ਵਿੱਚ ਦੋ ਹੋਰ ਜ਼ਖ਼ਮੀਆਂ ਨੇ ਦਮ ਤੋੜ ਦਿੱਤਾ। ਪੁਲਿਸ ਅਨੁਸਾਰ, 13 ਲੋਕ ਗੰਭੀਰ ਜ਼ਖ਼ਮੀ ਹਨ। ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।

SDRF ਦੀਆਂ ਟੀਮਾਂ ਵੱਲੋਂ ਬਚਾਅ ਕਾਰਜ ਜਾਰੀ

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਬਿਆਸੀ ਅਤੇ ਢਾਲਵਾਲਾ ਚੌਕੀਆਂ ਤੋਂ SDRF ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਟਿਹਰੀ ਦੀ ਜ਼ਿਲ੍ਹਾ ਮੈਜਿਸਟ੍ਰੇਟ ਨੀਤੀਕਾ ਖੰਡੇਲਵਾਲ ਅਤੇ ਐੱਸਐੱਸਪੀ ਸ਼ਵੇਤਾ ਚੌਬੇ ਵੀ ਘਟਨਾ ਸਥਾਨ ਲਈ ਰਵਾਨਾ ਹੋ ਗਈਆਂ। ਪੁਲਿਸ ਅਨੁਸਾਰ, ਮੌਕੇ ’ਤੇ ਬਚਾਅ ਕਾਰਜ ਜਾਰੀ ਹਨ।

ਹਾਦਸੇ ਵਿੱਚ ਜ਼ਖ਼ਮੀ ਹੋਏ 25 ਲੋਕਾਂ ਵਿੱਚੋਂ 18 ਨੂੰ ਰਿਸ਼ੀਕੇਸ਼ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (AIIMS) ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਬਾਕੀ ਜ਼ਖ਼ਮੀਆਂ ਨੂੰ ਰਿਸ਼ੀਕੇਸ਼ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਅਨੁਸਾਰ, ਪੀੜਤਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਿਹਰੀ ਗੜ੍ਹਵਾਲ ਵਿੱਚ ਵਾਪਰੇ ਇਸ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ, "ਉੱਤਰਾਖੰਡ ਦੇ ਟਿਹਰੀ ਗੜ੍ਹਵਾਲ ਜ਼ਿਲ੍ਹੇ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ ਬਾਰੇ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"

Latest News