ਗੰਨਾ ਕਿਸਾਨਾਂ ਦਾ 20 ਨਵੰਬਰ ਨੂੰ ਪੰਜਾਬ ਭਰ ਵਿੱਚ ਰੇਲਾਂ ਅਤੇ ਸੜਕਾਂ ਜਾਮ ਕਰਨ ਦਾ ਐਲਾਨ

ਗੰਨਾ ਕਿਸਾਨਾਂ ਦਾ 20 ਨਵੰਬਰ ਨੂੰ ਪੰਜਾਬ ਭਰ ਵਿੱਚ ਰੇਲਾਂ ਅਤੇ ਸੜਕਾਂ ਜਾਮ ਕਰਨ ਦਾ ਐਲਾਨ

ਪੰਜਾਬ ਦੇ ਗੰਨਾ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 20 ਨਵੰਬਰ ਨੂੰ ਜਲੰਧਰ ਵਿੱਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਇਸ ਦਿਨ ਰੇਲਾਂ ਰੋਕਣ ਦੇ ਨਾਲ-ਨਾਲ ਸੜਕਾਂ ’ਤੇ ਵੀ ਚੱਕਾ ਜਾਮ ਕਰਨਗੇ। ਉਨ੍ਹਾਂ ਨੇ ਮੰਗਾਂ ਪੂਰੀਆਂ ਹੋਣ ਤੱਕ ਅਣਮਿੱਥੇ ਸਮੇਂ ਲਈ ਸੜਕਾਂ ਅਤੇ ਰੇਲਵੇ ਟਰੈਕ ਜਾਮ ਰੱਖਣ ਦੀ ਚਿਤਾਵਨੀ ਦਿੱਤੀ ਹੈ।

ਕਿਸਾਨਾਂ ਦਾ ਮੁੱਖ ਇਤਰਾਜ਼ ਹੈ ਕਿ ਪੰਜਾਬ ਸਰਕਾਰ ਵੱਲੋਂ 2026-27 ਦੇ ਗੰਨਾ ਪਿੜਾਈ ਸੀਜ਼ਨ ਲਈ ਅਜੇ ਤੱਕ ਗੰਨੇ ਦਾ ਨਵਾਂ ਭਾਅ ਐਲਾਨਿਆ ਨਹੀਂ ਗਿਆ। ਇਸ ਦੇ ਨਾਲ ਹੀ ਕਿਸਾਨਾਂ ਨੇ ਪਿਛਲੇ ਸਮੇਂ ਦੀ ਰਹਿੰਦੀ ਗੰਨੇ ਦੀ ਅਦਾਇਗੀ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕਰੀਬ 10 ਦਿਨਾਂ ਬਾਅਦ ਗੰਨੇ ਦੀ ਪਿੜਾਈ ਦਾ ਸੀਜ਼ਨ ਸ਼ੁਰੂ ਹੋਣਾ ਹੈ। ਪਰ ਨਵੇਂ ਰੇਟ ਦਾ ਐਲਾਨ ਨਾ ਹੋਣ ਕਾਰਨ ਕਿਸਾਨਾਂ ਵਿੱਚ ਨਾਰਾਜ਼ਗੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਵਾਂ ਭਾਅ ਐਲਾਨਿਆ ਜਾਵੇ ਅਤੇ ਬਕਾਇਆ ਰਕਮ ਦੀ ਅਦਾਇਗੀ ਯਕੀਨੀ ਬਣਾਈ ਜਾਵੇ।

ਪੰਜਾਬ ਵਿੱਚ ਗੰਨੇ ਹੇਠ ਰਕਬੇ ਵਿੱਚ ਹੋਇਆ ਵਾਧਾ

ਅੰਕੜਿਆਂ ਮੁਤਾਬਕ ਪੰਜਾਬ ਵਿੱਚ ਇਸ ਸਾਲ ਗੰਨੇ ਦੀ ਖੇਤੀ ਹੇਠ ਰਕਬਾ ਵਧ ਕੇ 1.16 ਲੱਖ ਹੈਕਟੇਅਰ ਹੋ ਗਿਆ ਹੈ, ਜਦਕਿ ਪਿਛਲੇ ਸਾਲ ਇਹ ਰਕਬਾ 1.12 ਲੱਖ ਹੈਕਟੇਅਰ ਸੀ। ਇਸ ਸੀਜ਼ਨ ਦੌਰਾਨ ਸੂਬੇ ਵਿੱਚ ਕਰੀਬ 700 ਲੱਖ ਕੁਇੰਟਲ ਗੰਨੇ ਦੇ ਉਤਪਾਦਨ ਦਾ ਅਨੁਮਾਨ ਲਗਾਇਆ ਗਿਆ ਹੈ।

ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 20 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਸੜਕਾਂ ਅਤੇ ਰੇਲਵੇ ਟਰੈਕ ਜਾਮ ਕੀਤੇ ਜਾਣਗੇ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਵੇਗੀ।