ਪੰਜਾਬ ਸਰਕਾਰ ਨਾਲ ਅੱਜ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ, 5 ਫ਼ਸਲਾਂ ਦੀ ਖਰੀਦ ਗਾਰੰਟੀ ਸਮੇਤ ਮੁੱਖ ਮੰਗਾਂ ’ਤੇ ਹੋਵੇਗੀ ਗੱਲਬਾਤ

ਪੰਜਾਬ ਸਰਕਾਰ ਨਾਲ ਅੱਜ ਕਿਸਾਨ ਮਜ਼ਦੂਰ ਮੋਰਚੇ ਦੀ ਮੀਟਿੰਗ, 5 ਫ਼ਸਲਾਂ ਦੀ ਖਰੀਦ ਗਾਰੰਟੀ ਸਮੇਤ ਮੁੱਖ ਮੰਗਾਂ ’ਤੇ ਹੋਵੇਗੀ ਗੱਲਬਾਤ

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਪੰਜਾਬ ਸਰਕਾਰ ਨਾਲ ਅੱਜ ਦੁਪਹਿਰ 3 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਹੋਵੇਗੀ। ਇਸ ਤੋਂ ਪਹਿਲਾਂ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਸਵੇਰੇ 10 ਵਜੇ ਕਿਸਾਨ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ।

23 ਸੂਤਰੀ ਮੰਗ ਪੱਤਰ ’ਤੇ ਹੋਵੇਗੀ ਤਿਆਰੀ

ਮੋਰਚੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਵੇਰੇ ਹੋਣ ਵਾਲੀ ਮੀਟਿੰਗ ਵਿੱਚ 23 ਸੂਤਰੀ ਮੰਗ ਪੱਤਰ ਸਬੰਧੀ ਸਰਕਾਰ ਸਾਹਮਣੇ ਆਪਣਾ ਪੱਖ ਦਲੀਲਪੂਰਵਕ ਰੱਖਣ ਲਈ ਤਿਆਰੀ ਕੀਤੀ ਜਾਵੇਗੀ।

ਮੋਰਚੇ ਦੀਆਂ ਮੁੱਖ ਮੰਗਾਂ ਵਿੱਚ ਪੰਜਾਬ ਸਰਕਾਰ ਵੱਲੋਂ ਪੰਜ ਫ਼ਸਲਾਂ ਦੀ ਮੰਡੀ ਵਿੱਚ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣਾ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਖ਼ਤਮ ਕਰਨਾ ਅਤੇ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣਾ ਸ਼ਾਮਲ ਹੈ।

ਕੇਂਦਰ ਦੇ ਬਿੱਲਾਂ ਖ਼ਿਲਾਫ਼ ਵਿਸ਼ੇਸ਼ ਇਜਲਾਸ ਦੀ ਮੰਗ

ਮੋਰਚੇ ਵੱਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿੱਲਾਂ, ਫ਼ਰੀ ਟਰੇਡ ਐਗਰੀਮੈਂਟ ਸਮੇਤ, ਦੇ ਵਿਰੁੱਧ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਮਤਾ ਪਾਸ ਕਰਨ ਦੀ ਮੰਗ ਵੀ ਰੱਖੀ ਜਾਵੇਗੀ।

ਇਸ ਤੋਂ ਇਲਾਵਾ ਸ਼ੰਭੂ ਅਤੇ ਖਨੌਰੀ ਮੋਰਚਿਆਂ ’ਤੇ ਜਬਰੀ ਕਾਰਵਾਈ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਵੀ ਸਰਕਾਰ ਸਾਹਮਣੇ ਰੱਖੀ ਜਾਵੇਗੀ।

ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ

ਕਿਸਾਨ ਮਜ਼ਦੂਰ ਮੋਰਚੇ ਅਨੁਸਾਰ ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਮੋਰਚੇ ਵੱਲੋਂ ਅਗਲੀ ਰਣਨੀਤੀ ਉਲੀਕੀ ਜਾਵੇਗੀ। ਇਹ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ।