Punjab Infoline

ਪੰਜਾਬੀ

ਦਿਲੀ ਗੁਰਦੁਆਰਾ ਕਮੇਟੀ ਦੇ ਕਰਮਚਾਰੀਆਂ ਨੂੰ ਉਕਸਾਉਣ ਦੀ ਬਜਾਏ ਆਪਣਾ ਪਿਛਲਾ ਕਾਰਜਕਾਲ ਯਾਦ ਕਰਨ ਸਰਨਾ: ਕਾਲਕਾ, ਕਾਹਲੋਂ

12 Nov, 2026 09:08 AM

*ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਦਿੱਲੀ ਕਮੇਟੀ ਵਚਨਬੱਧ, ਤਨਖ਼ਾਹਾਂ, ਭੱਤੇ ਅਤੇ ਪੀਐੱਫ ਦੀਆਂ ਅਦਾਇਗੀਆਂ ਨਿਯਮਿਤ ਤੌਰ 'ਤੇ ਕੀਤੀਆਂ ਜਾ ਰਹੀਆਂ ਹਨ: ਕਾਲਕਾ, ਕਾਹਲੋਂ

ਨਵੀਂ ਦਿੱਲੀ 11 ਨਵੰਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਰਨਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਇੱਕ ਬਿਆਨ ਜਾਰੀ ਕਰਦਿਆਂ ਸਰਦਾਰ ਪਰਮਜੀਤ ਸਿੰਘ ਸਰਨਾ ਵੱਲੋਂ  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀਆਂ ਵੱਲੋਂ ਬਾਹਵਾਂ ਦੇ ਕਾਲੀ ਪੱਟੀ ਬੰਨ ਕੇ ਪ੍ਰਦਰਸ਼ਨ ਸਬੰਧੀ ਜਾਰੀ ਕੀਤੀ ਗਈ ਵੀਡੀਓ 'ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਪਰਮਜੀਤ ਸਿੰਘ ਸਰਨਾ ਨੂੰ ਦੂਜਿਆਂ ਨੂੰ ਨਸੀਹਤ ਦੇਣ ਤੋਂ ਪਹਿਲਾਂ ਆਪਣੇ ਪ੍ਰਧਾਨਗੀ ਕਾਰਜਕਾਲ ਦੌਰਾਨ ਵਾਪਰੀਆਂ ਘਟਨਾਵਾਂ ਨੂੰ ਵੀ ਯਾਦ ਕਰਨਾ ਚਾਹੀਦਾ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਵੇਂ ਆਗੂਆਂ ਨੇ ਕਿਹਾ ਕਿ ਪਰਮਜੀਤ ਸਿੰਘ ਸਰਨਾ ਵੱਲੋਂ ਕਰਮਚਾਰੀਆਂ ਦੇ ਬਾਂਹਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੰਮ ਕਰਨ ਦੀ ਘਟਨਾ ਨੂੰ ਜਿਸ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ, ਉਹ ਬੇਹੱਦ ਹੈਰਾਨੀਜਨਕ ਹੈ। ਕਾਲਕਾ ਅਤੇ ਕਾਹਲੋ ਨੇ ਦੋਸ਼ ਲਾਇਆ ਕਿ ਪਰਮਜੀਤ ਸਿੰਘ ਸਰਨਾ ਆਪਣੇ ਘਰ ਅਤੇ ਆਪਣੇ ਨਜ਼ਦੀਕੀ ਲੋਕਾਂ ਰਾਹੀਂ ਕੁਝ ਕਰਮਚਾਰੀਆਂ ਨੂੰ ਵਾਰ-ਵਾਰ ਬੁਲਾ ਕੇ ਉਨ੍ਹਾਂ ਨੂੰ ਮੌਜੂਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵਿਰੁੱਧ ਉਕਸਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਤਾਂ ਜੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰ ਬੇਲੋੜਾ ਤਣਾਅ ਅਤੇ ਅਸਥਿਰਤਾ ਪੈਦਾ ਕੀਤੀ ਜਾ ਸਕੇ।

ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਪਰਮਜੀਤ ਸਿੰਘ ਸਰਨਾ ਨੂੰ ਉਨ੍ਹਾਂ ਦੇ ਪ੍ਰਧਾਨਗੀ ਕਾਰਜਕਾਲ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਜੇਕਰ ਉਹ ਇਤਿਹਾਸਕ ਘਟਨਾਵਾਂ ਦੀ ਗੱਲ ਕਰਦੇ ਹਨ ਤਾਂ ਉਨ੍ਹਾਂ ਨੂੰ ਉਹ ਦਿਨ ਵੀ ਯਾਦ ਕਰਨੇ ਚਾਹੀਦੇ ਹਨ, ਜਦੋਂ ਉਨ੍ਹਾਂ ਦੀ ਪ੍ਰਧਾਨਗੀ ਦੌਰਾਨ ਦਿੱਲੀ ਕਮੇਟੀ ਦੇ ਸਮੁੱਚੇ ਸਟਾਫ਼ ਨੇ ਬਹੁਤ ਹੀ ਅਪਮਾਨਜਨਕ ਅਤੇ ਅਸਾਧਾਰਨ ਢੰਗ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਸੀ। ਉਸ ਸਮੇਂ ਕਰਮਚਾਰੀ ਕੇਵਲ ਕਛਹਿਰੇ ਵਿੱਚ, ਗਾਤਰੇ ਸਜਾ ਕੇ ਅਤੇ ਦਸਤਾਰਾਂ ਬੰਨ੍ਹ ਕੇ ਉਨ੍ਹਾਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਏ ਸਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਹਵਾਲਾ ਦੇਣ ਤੋਂ ਪਹਿਲਾਂ ਸਰਨਾ ਨੂੰ ਆਪਣੇ ਕਾਰਜਕਾਲ ਦੇ ਤੱਥਾਂ 'ਨੂੰ  ਵੀ ਯਾਦ ਕਰਨਾ ਚਾਹੀਦਾ ਹੈ।

ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀਆਂ 'ਤੇ ਹਮੇਸ਼ਾ ਮਾਣ ਰਿਹਾ ਹੈ, ਜਿਨ੍ਹਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਦੀ ਬਿਹਤਰੀ ਅਤੇ ਇਸ ਦੇ ਪ੍ਰਬੰਧਕੀ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰੀ ਵਚਨਬੱਧਤਾ ਨਾਲ ਸਹਿਯੋਗ ਦਿੱਤਾ ਹੈ। ਦੋਵੇਂ ਆਗੂਆਂ ਨੇ ਕਿਹਾ ਕਿ ਮੌਜੂਦਾ ਪ੍ਰਬੰਧਕਾਂ ਵੱਲੋਂ ਵੀ ਕਰਮਚਾਰੀਆਂ ਦੇ ਮਾਣ-ਸਨਮਾਨ ਅਤੇ ਹੱਕਾਂ ਦੀ ਰਾਖੀ ਨੂੰ ਹਮੇਸ਼ਾ ਤਰਜੀਹ ਦਿੱਤੀ ਗਈ ਹੈ।

ਉਨ੍ਹਾਂ ਸਰਨਾ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਉਠਾਏ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਕਮੇਟੀ ਵੱਲੋਂ ਕਰਮਚਾਰੀਆਂ ਦੀਆਂ ਤਨਖ਼ਾਹਾਂ, ਭੱਤਿਆਂ ਅਤੇ ਹੋਰ ਵਿੱਤੀ ਹੱਕਾਂ ਦੀ ਅਦਾਇਗੀ ਨਿਯਮਿਤ ਤੌਰ 'ਤੇ ਕੀਤੀ ਜਾ ਰਹੀ ਹੈ। ਇਸ ਮਹੀਨੇ ਵੀ ਕਰਮਚਾਰੀਆਂ ਦੇ ਪ੍ਰੋਵੀਡੈਂਟ ਫੰਡ (ਪੀਐੱਫ) ਵਿੱਚ ਕਰੋੜਾਂ ਰੁਪਏ ਜਮ੍ਹਾਂ ਕਰਵਾਏ ਗਏ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਕਰਮਚਾਰੀਆਂ ਦੇ ਵਿੱਤੀ ਹਿੱਤਾਂ ਦੀ ਰਾਖੀ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਫਿਰ ਉਨ੍ਹਾਂ ਨੂੰ ਗੁੰਮਰਾਹ ਕਰਕੇ ਸੰਸਥਾ ਦੇ ਅੰਦਰ ਅਸ਼ਾਂਤੀ ਪੈਦਾ ਕਰਨ ਦਾ ਕੀ ਮਕਸਦ ਹੈ?

 

ਸਰਦਾਰ ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਸਰਨਾ ਨੂੰ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੀ ਚਿੰਤਾ ਹੋਣ ਦਾ ਦਾਅਵਾ ਕਰਨ ਤੋਂ ਪਹਿਲਾਂ ਆਪਣੇ 12 ਸਾਲਾਂ ਦੇ ਕਾਰਜਕਾਲ ਦਾ ਵੀ ਆਤਮ-ਮੰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਸ ਸਮੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਤਾਨਾਸ਼ਾਹੀ ਵਾਲਾ ਰਵੱਈਆ ਅਪਣਾਇਆ ਗਿਆ ਅਤੇ ਕਰਮਚਾਰੀਆਂ ਦੀਆਂ ਭਾਵਨਾਵਾਂ ਤੇ ਹੱਕਾਂ ਨੂੰ ਉਹ ਸਨਮਾਨ ਨਹੀਂ ਮਿਲਿਆ, ਜਿਸ ਦੀ ਉਨ੍ਹਾਂ ਨੂੰ ਉਮੀਦ ਸੀ। ਇਸ ਦੇ ਵਿਰੁੱਧ ਮੌਜੂਦਾ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੇ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕਈ ਅਹਿਮ ਕਦਮ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹਨ।

ਉਨ੍ਹਾਂ ਕਿਹਾ ਕਿ ਕੁਝ ਗਿਣਤੀ ਦੇ ਲੋਕਾਂ ਵੱਲੋਂ ਵਾਰ-ਵਾਰ ਕਰਮਚਾਰੀਆਂ ਨੂੰ ਇਕੱਠਾ ਕਰਕੇ ਪ੍ਰਬੰਧਕੀ ਮਾਹੌਲ ਖ਼ਰਾਬ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਪਰ ਅਜਿਹੀਆਂ ਕੋਸ਼ਿਸ਼ਾਂ ਨਾਲ ਨਾ ਤਾਂ ਕਮੇਟੀ ਦਾ ਕੰਮਕਾਜ ਪ੍ਰਭਾਵਿਤ ਹੋਵੇਗਾ ਅਤੇ ਨਾ ਹੀ ਸੰਗਤ ਦਾ ਮੌਜੂਦਾ ਪ੍ਰਬੰਧਕਾਂ ਪ੍ਰਤੀ ਵਿਸ਼ਵਾਸ ਡੋਲ੍ਹੇਗਾ।

ਸਰਨਾ 'ਤੇ ਸਿਆਸੀ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਾਉਂਦਿਆਂ ਕਾਲਕਾ ਨੇ ਕਿਹਾ ਕਿ ਜਿਹੜੇ ਲੋਕ ਕਈ ਸਾਲਾਂ ਤੱਕ ਬਾਦਲ ਪਰਿਵਾਰ ਵਿਰੁੱਧ ਬਿਆਨਬਾਜ਼ੀ ਕਰਦੇ ਰਹੇ, ਅੱਜ ਉਹੀ ਉਸ ਪਰਿਵਾਰ ਦੇ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਅਜਿਹੇ ਬਦਲਦੇ ਰਾਜਨੀਤਿਕ ਰੁਖ਼ ਦੇ ਮੱਦੇਨਜ਼ਰ ਸੰਗਤ ਉਨ੍ਹਾਂ 'ਤੇ ਭਰੋਸਾ ਕਿਵੇਂ ਕਰੇ?

ਉਨ੍ਹਾਂ ਕਿਹਾ ਕਿ ਦਿੱਲੀ ਦੇ ਸਿੱਖ ਭਾਈਚਾਰੇ ਵਿੱਚ ਆਪਸੀ ਸਦਭਾਵਨਾ ਅਤੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਬਹੁਤ ਜ਼ਰੂਰੀ ਹੈ। ਸਿੱਖ ਸੰਸਥਾਵਾਂ ਨੂੰ ਆਪਸੀ ਟਕਰਾਅ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਦੀ ਭੇਟ ਚੜ੍ਹਾਉਣ ਦੀ ਬਜਾਏ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਸੇਵਾ, ਸਿਮਰਨ ਅਤੇ ਸੰਗਤ ਦੇ ਹਿੱਤਾਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ।

Latest News