Punjab PCS Mains Exam: ਪ੍ਰੀਖਿਆ ਦਾ ਵਿਵਾਦ ਹਾਈਕੋਰਟ ਪਹੁੰਚਿਆ, ਭਲਕੇ ਹੋਵੇਗੀ ਸੁਣਵਾਈ; 26 ਉਮੀਦਵਾਰਾਂ ਨੇ ਦਾਇਰ ਕੀਤੀ ਪਟੀਸ਼ਨ
- ਪੰਜਾਬ
- (Asia/Kolkata)
ਪੰਜਾਬ PCS Mains ਪ੍ਰੀਖਿਆ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਪ੍ਰੀਖਿਆ ਨੂੰ ਚੁਣੌਤੀ ਦਿੰਦਿਆਂ 26 ਉਮੀਦਵਾਰਾਂ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਤੋਂ ਇਲਾਵਾ ਚਾਰ ਹੋਰ ਪਟੀਸ਼ਨਾਂ ਵੀ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ਪਟੀਸ਼ਨਾਂ ’ਤੇ ਭਲਕੇ ਸੁਣਵਾਈ ਹੋਵੇਗੀ।
ਪਟੀਸ਼ਨਕਰਤਾਵਾਂ ਨੇ ਪ੍ਰੀਖਿਆ ਦੇ ਨਤੀਜੇ ਰੱਦ ਕਰਨ ਅਤੇ ਪੂਰੀ ਚੋਣ ਪ੍ਰਕਿਰਿਆ ਦੀ ਕਿਸੇ ਨਿਰਪੱਖ ਜਾਂਚ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪ੍ਰੀਖਿਆ ਨਾਲ ਸਬੰਧਤ ਪੂਰਾ ਰਿਕਾਰਡ ਵੀ ਹਾਈਕੋਰਟ ਵਿੱਚ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਅੱਜ ਇਹ ਪਟੀਸ਼ਨਾਂ ਹਾਈਕੋਰਟ ਦੀ ਰਜਿਸਟਰੀ ਵਿੱਚ ਦਾਇਰ ਕੀਤੀਆਂ ਗਈਆਂ ਹਨ।
ਪਟੀਸ਼ਨਕਰਤਾਵਾਂ ਨੇ PCS Mains ਪ੍ਰੀਖਿਆ ਦੀ ਪੂਰੀ ਪ੍ਰਕਿਰਿਆ ਨੂੰ ਚੁਣੌਤੀ ਦਿੰਦਿਆਂ ਕਈ ਗੰਭੀਰ ਦੋਸ਼ ਲਗਾਏ ਹਨ।
ਕੀ ਹਨ ਪਟੀਸ਼ਨਕਰਤਾਵਾਂ ਦੇ ਦੋਸ਼?
ਪਟੀਸ਼ਨਕਰਤਾਵਾਂ ਮੁਤਾਬਕ, ਪਿਛਲੇ ਸਾਲ 3 ਜਨਵਰੀ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਵੱਲੋਂ 322 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਇਸ ਵਿੱਚ ਪ੍ਰੀਖਿਆ ਲਈ ਅਪਲਾਈ ਕਰਨ ਵਾਸਤੇ ਦਸਵੀਂ ਜਮਾਤ ਵਿੱਚ ਪੰਜਾਬੀ ਵਿਸ਼ਾ ਪਾਸ ਕਰਨਾ ਲਾਜ਼ਮੀ ਰੱਖਿਆ ਗਿਆ ਸੀ।
ਹਾਲਾਂਕਿ, ਪਟੀਸ਼ਨਕਰਤਾਵਾਂ ਦਾ ਦੋਸ਼ ਹੈ ਕਿ ਬਾਅਦ ਵਿੱਚ ਇਹ ਸ਼ਰਤ ਹਟਾ ਦਿੱਤੀ ਗਈ ਅਤੇ ਉਨ੍ਹਾਂ ਉਮੀਦਵਾਰਾਂ ਨੂੰ ਵੀ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦੇ ਦਿੱਤੀ ਗਈ, ਜਿਨ੍ਹਾਂ ਨੇ ਦਸਵੀਂ ਜਮਾਤ ਵਿੱਚ ਪੰਜਾਬੀ ਪਾਸ ਨਹੀਂ ਕੀਤੀ ਸੀ।
ਪਟੀਸ਼ਨਕਰਤਾਵਾਂ ਦਾ ਇਹ ਵੀ ਦੋਸ਼ ਹੈ ਕਿ ਇੱਕ ਉਮੀਦਵਾਰ ਵੱਲੋਂ ਸਿਰਫ਼ ਇੱਕ ਕੈਟਾਗਰੀ ਵਿੱਚ ਅਪਲਾਈ ਕਰਨ ਦੀ ਸ਼ਰਤ ਵੀ ਹਟਾ ਦਿੱਤੀ ਗਈ, ਜਿਸ ਕਾਰਨ ਕਈ ਉਮੀਦਵਾਰਾਂ ਨੇ ਵੱਖ-ਵੱਖ ਕੈਟਾਗਰੀਆਂ ਵਿੱਚ ਅਰਜ਼ੀਆਂ ਭਰ ਦਿੱਤੀਆਂ।
ਇਸ ਤੋਂ ਇਲਾਵਾ ਪਟੀਸ਼ਨ ਵਿੱਚ ਇਹ ਦੋਸ਼ ਲਗਾਇਆ ਗਿਆ ਹੈ ਕਿ ਨਿਰਧਾਰਤ ਉਮਰ ਸੀਮਾ ਦੀ ਪਾਲਣਾ ਨਹੀਂ ਕੀਤੀ ਗਈ। ਘੱਟੋ-ਘੱਟ ਉਮਰ ਤੋਂ ਘੱਟ ਅਤੇ ਵੱਧ ਤੋਂ ਵੱਧ ਉਮਰ ਸੀਮਾ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਵੀ ਕਥਿਤ ਤੌਰ 'ਤੇ ਬਿਨਾਂ ਕਿਸੇ ਛੋਟ ਦੇ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦਿੱਤੀ ਗਈ।
ਪਟੀਸ਼ਨਕਰਤਾਵਾਂ ਨੇ ਕੁਝ ਪ੍ਰੀਖਿਆ ਕੇਂਦਰਾਂ 'ਤੇ ਕਥਿਤ ਗੜਬੜੀ ਦੇ ਸੰਕੇਤ ਵੀ ਦਿੱਤੇ ਹਨ। ਉਨ੍ਹਾਂ ਮੁਤਾਬਕ ਲਗਾਤਾਰ ਸੀਰੀਅਲ ਨੰਬਰਾਂ ਵਾਲੇ ਰੋਲ ਨੰਬਰਾਂ ਦੇ ਕਈ ਸਮੂਹਾਂ ਵਿੱਚੋਂ ਉਮੀਦਵਾਰਾਂ ਨੂੰ ਇਕੱਠੇ ਸ਼ਾਰਟਲਿਸਟ ਕੀਤਾ ਗਿਆ।
4 ਨਵੰਬਰ ਨੂੰ ਜਾਰੀ ਕੀਤੇ ਗਏ ਨਤੀਜਿਆਂ ਵਿੱਚ ਸ਼ਾਰਟਲਿਸਟ ਕੀਤੇ ਉਮੀਦਵਾਰਾਂ ਦੇ ਨਾਂ, ਉਨ੍ਹਾਂ ਦੀ ਕੈਟਾਗਰੀ, ਪ੍ਰਾਪਤ ਅੰਕ ਅਤੇ ਕੈਟਾਗਰੀ ਅਨੁਸਾਰ ਕੱਟ-ਆਫ਼ ਅੰਕ ਜਨਤਕ ਨਾ ਕਰਨ 'ਤੇ ਵੀ ਸਵਾਲ ਚੁੱਕੇ ਗਏ ਹਨ।
ਇਨ੍ਹਾਂ ਸਾਰੇ ਦੋਸ਼ਾਂ ਦੇ ਆਧਾਰ 'ਤੇ ਹੁਣ PCS Mains ਪ੍ਰੀਖਿਆ ਦੀ ਚੋਣ ਪ੍ਰਕਿਰਿਆ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਨ੍ਹਾਂ ਪਟੀਸ਼ਨਾਂ 'ਤੇ ਭਲਕੇ ਹੋਣ ਵਾਲੀ ਸੁਣਵਾਈ ਦੌਰਾਨ ਸਭ ਦੀਆਂ ਨਜ਼ਰਾਂ ਹਾਈਕੋਰਟ ਦੇ ਰੁਖ਼ 'ਤੇ ਰਹਿਣਗੀਆਂ।