ਫਿਰੋਜ਼ਪੁਰ ‘ਚ ਕਾਊਂਟਰ ਇੰਟੈਲੀਜੈਂਸ ਇੰਸਪੈਕਟਰ ਗ੍ਰਿਫ਼ਤਾਰ, 3.350 ਕਿਲੋ ਹੈਰੋਇਨ ਤੇ 6 ਪਿਸਤੌਲ ਬਰਾਮਦ
- ਪੰਜਾਬ
- (Asia/Kolkata)
ਫਿਰੋਜ਼ਪੁਰ ਪੁਲਿਸ ਨੇ ਸ਼ਨੀਵਾਰ ਨੂੰ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਇੰਸਪੈਕਟਰ ਬਲਦੇਵ ਸਿੰਘ ਨੂੰ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ 3 ਕਿਲੋ 350 ਗ੍ਰਾਮ ਹੈਰੋਇਨ, 6 ਪਿਸਤੌਲ, 4 ਮੈਗਜ਼ੀਨ ਅਤੇ 17 ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਇਸ ਤੋਂ ਇਲਾਵਾ ਪੁਲਿਸ ਨੇ ਇੱਕ ਆਡੀ-20 ਕਾਰ ਅਤੇ 6 ਮੋਬਾਈਲ ਫੋਨ ਵੀ ਜ਼ਬਤ ਕੀਤੇ ਹਨ।
ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਕਾਰਵਾਈ
ਪੁਲਿਸ ਮੁਤਾਬਕ ਘੱਲ ਖੁਰਦ ਪੁਲਿਸ ਸਟੇਸ਼ਨ ਦੇ ਐਸਐਚਓ ਨੂੰ ਸੂਚਨਾ ਮਿਲੀ ਸੀ ਕਿ ਇੰਸਪੈਕਟਰ ਬਲਦੇਵ ਸਿੰਘ ਆਪਣੀ ਆਡੀ-20 ਕਾਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਲੈ ਕੇ ਜਾ ਰਿਹਾ ਹੈ।
ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਨਾਕਾਬੰਦੀ ਕੀਤੀ। ਇਸ ਦੌਰਾਨ ਆਡੀ ਕਾਰ ਨੂੰ ਰੋਕ ਕੇ ਬਲਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਤਲਾਸ਼ੀ ਦੌਰਾਨ ਪੁਲਿਸ ਨੇ ਉਪਰੋਕਤ ਨਸ਼ੀਲੇ ਪਦਾਰਥ, ਹਥਿਆਰ, ਮੈਗਜ਼ੀਨ ਅਤੇ ਕਾਰਤੂਸ ਬਰਾਮਦ ਕੀਤੇ।
NDPS ਅਤੇ ਅਸਲਾ ਐਕਟ ਤਹਿਤ FIR ਦਰਜ
ਪੁਲਿਸ ਨੇ ਘੱਲ ਖੁਰਦ ਪੁਲਿਸ ਸਟੇਸ਼ਨ ਵਿੱਚ FIR ਨੰਬਰ 132 ਦਰਜ ਕੀਤੀ ਹੈ। ਮਾਮਲਾ NDPS ਐਕਟ ਦੀ ਧਾਰਾ 21 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25/27 ਤਹਿਤ ਦਰਜ ਕੀਤਾ ਗਿਆ ਹੈ।
ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।