ਮਾਤਾ ਸਾਹਿਬ ਕੌਰ ਜੀ ਦਾ ਜੀਵਨ ਸਾਨੂੰ ਸੇਵਾ, ਸਿਮਰਨ, ਸਿਦਕ ਅਤੇ ਕੁਰਬਾਨੀ ਦੀ ਪ੍ਰੇਰਣਾ ਦਿੰਦਾ ਹੈ- ਹਰਸਿਮਰਤ ਕੌਰ ਬਾਦਲ

ਮਾਤਾ ਸਾਹਿਬ ਕੌਰ ਜੀ ਦਾ ਜੀਵਨ ਸਾਨੂੰ ਸੇਵਾ, ਸਿਮਰਨ, ਸਿਦਕ ਅਤੇ ਕੁਰਬਾਨੀ ਦੀ ਪ੍ਰੇਰਣਾ ਦਿੰਦਾ ਹੈ- ਹਰਸਿਮਰਤ ਕੌਰ ਬਾਦਲ

ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ’ਤੇ ਸਿਆਸੀ ਨਿਸ਼ਾਨਾ ਸਾਧਿਆ, ਸਮਾਗਮ ਦੀ ਸਮਾਪਤੀ ਮੌਕੇ ਸਾਰੀਆਂ ਸੇਵਾਵਾਂ ਬੀਬੀਆਂ ਵੱਲੋਂ ਨਿਭਾਈਆਂ ਜਾਣਗੀਆਂ
 

ਤਲਵੰਡੀ ਸਾਬੋ, 1 ਨਵੰਬਰ (ਗੁਰਜੰਟ ਸਿੰਘ ਨਥੇਹਾ)- ਧੰਨ-ਧੰਨ ਮਾਤਾ ਸਾਹਿਬ ਕੌਰ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ, ਤਲਵੰਡੀ ਸਾਬੋ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਮੌਕੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਤਲਵੰਡੀ ਸਾਬੋ ਹਲਕਾ ਇੰਚਾਰਜ ਸ੍ਰ. ਰਵੀਪ੍ਰੀਤ ਸਿੰਘ ਸਿੱਧੂ ਵੀ ਹਾਜ਼ਰ ਸਨ। ਦੋਵਾਂ ਆਗੂਆਂ ਨੇ ਗੁਰੂ ਸਾਹਿਬ ਅੱਗੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮਾਤਾ ਸਾਹਿਬ ਕੌਰ ਜੀ ਦਾ ਜੀਵਨ ਸਾਨੂੰ ਸੇਵਾ, ਸਿਮਰਨ, ਸਿਦਕ ਅਤੇ ਕੁਰਬਾਨੀ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮਾਤਾ ਸਾਹਿਬ ਕੌਰ ਜੀ ਦਾ ਜੀਵਨ ਸਿੱਖ ਕੌਮ ਲਈ ਪ੍ਰੇਰਨਾ ਸਰੋਤ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜਨਮ ਦਿਹਾੜੇ ਸਬੰਧੀ ਕਰਵਾਏ ਜਾ ਰਹੇ ਸਮਾਗਮ ਦੀ ਸਮਾਪਤੀ ਮੌਕੇ ਸਮੁੱਚਾ ਪ੍ਰਬੰਧ ਬੀਬੀਆਂ ਵੱਲੋਂ ਸੰਭਾਲਿਆ ਜਾਵੇਗਾ। ਕੀਰਤਨ ਤੋਂ ਲੈ ਕੇ ਲੰਗਰ ਦੀ ਸੇਵਾ ਤੱਕ ਸਾਰੀਆਂ ਸੇਵਾਵਾਂ ਬੀਬੀਆਂ ਵੱਲੋਂ ਹੀ ਨਿਭਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮਾਤਾ ਸਾਹਿਬ ਕੌਰ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਮਹਾਨ ਸ਼ਖ਼ਸੀਅਤ ਨੂੰ ਸਮਰਪਿਤ ਹੋਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ’ਤੇ ਸਿਆਸੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਮੁਤਾਬਕ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਨੇ ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਪਾਰਟੀ ਦੀ ਨੀਅਤ ਪੰਜਾਬ ਨੂੰ ਹੋਰ ਲੁੱਟਣ ਦੀ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਕੇਜਰੀਵਾਲ ਲਈ 'ਚਾਲੀ ਚੋਰ' ਸ਼ਬਦਾਂ ਦੀ ਵਰਤੋਂ ਵੀ ਕੀਤੀ। ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਸਮਾਗਮ ਦੀ ਸਮਾਪਤੀ ਮੌਕੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਅਤੇ ਸਮਾਗਮ ਵਿੱਚ ਹਾਜ਼ਰੀ ਭਰ ਕੇ ਇਸ ਧਾਰਮਿਕ ਉਪਰਾਲੇ ਨੂੰ ਸਫ਼ਲ ਬਣਾਉਣ। ਉਨ੍ਹਾਂ ਸਮੂਹ ਸੰਗਤਾਂ ਨੂੰ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।