CBI Court Mohali: 34 ਸਾਲ ਪੁਰਾਣੇ ਟਰਾਂਸਪੋਰਟਰ ਅਗਵਾ ਮਾਮਲੇ 'ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ
ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਟਰਾਂਸਪੋਰਟਰ ਅਮਰੀਕ ਸਿੰਘ ਸਾਕਰੀ ਨੂੰ ਲੁਧਿਆਣਾ ਵਿੱਚ ਵਿਆਹ ਸਮਾਗਮ ਦੌਰਾਨ ਅਗਵਾ ਕਰਨ ਅਤੇ ਲਾਪਤਾ ਕਰਨ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਬੁੱਧਵਾਰ ਨੂੰ ਪੰਜਾਬ ਪੁਲੀਸ ਦੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਵੱਲੋਂ ਉਨ੍ਹਾਂ ਨੂੰ 12 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਇਸੇ ਮਾਮਲੇ ਵਿੱਚ ਅਦਾਲਤ ਨੇ ਸ਼ੱਕ ਦਾ ਲਾਭ ਦਿੰਦਿਆਂ ਸਬੰਧਤ ਪੁਲੀਸ ਅਧਿਕਾਰੀ ਦੇ ਸੁਰੱਖਿਆ ਗਾਰਡ ਪਰਮਿੰਦਰਜੀਤ ਸਿੰਘ ਨੂੰ ਬਰੀ ਕਰ ਦਿੱਤਾ ਹੈ।
ਪੀੜਤ ਪਰਿਵਾਰ ਦੇ ਵਕੀਲ ਸਰਬਜੀਤ ਸਿੰਘ ਵੇਰਕਾ ਅਤੇ ਹੋਰਾਂ ਨੇ ਦੱਸਿਆ ਕਿ ਇਹ ਮਾਮਲਾ 25 ਨਵੰਬਰ 1992 ਦਾ ਹੈ। ਉਸ ਦਿਨ ਤਰਨ ਤਾਰਨ ਪੁਲੀਸ ਵੱਲੋਂ ਅਮਰੀਕ ਸਿੰਘ ਨੂੰ ਲੁਧਿਆਣਾ ਵਿੱਚ ਇੱਕ ਵਿਆਹ ਸਮਾਗਮ ਤੋਂ ਚੁੱਕਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਕੋਈ ਥਹੁ-ਪਤਾ ਨਹੀਂ ਲੱਗਿਆ।
ਸੁਪਰੀਮ ਕੋਰਟ ਦੇ ਹੁਕਮਾਂ 'ਤੇ ਸੀਬੀਆਈ ਨੇ ਸਾਲ 2000 ਵਿੱਚ ਇਸ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ। ਸਾਲ 2001 ਵਿੱਚ ਗੁਰਮੀਤ ਸਿੰਘ, ਤਤਕਾਲੀ ਡੀਐੱਸਪੀ (ਡੀ), ਤਰਨ ਤਾਰਨ, ਇੰਸਪੈਕਟਰ ਸੂਬਾ ਸਿੰਘ, ਤਤਕਾਲੀ ਐੱਸਐੱਚਓ ਖਾਲੜਾ, ਐੱਸਆਈ ਸੁਰਿੰਦਰ ਸਿੰਘ, ਸਿਪਾਹੀ ਪਰਮਿੰਦਰਜੀਤ ਸਿੰਘ ਉਰਫ਼ ਬੱਬੂ ਅਤੇ ਏਐੱਸਆਈ ਜਸਵੰਤ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
ਚਾਰਜਸ਼ੀਟ ਮੁਤਾਬਕ, ਅਮਰੀਕ ਸਿੰਘ ਸਾਕਰੀ ਨੂੰ 25 ਨਵੰਬਰ 1992 ਨੂੰ ਤਰਨ ਤਾਰਨ ਪੁਲੀਸ ਦੀ ਟੀਮ ਨੇ ਲੁਧਿਆਣਾ ਦੇ ਹੋਟਲ ਅਮਲਤਾਸ਼ ਤੋਂ ਚੁੱਕਿਆ ਸੀ। ਉਹ ਉੱਥੇ ਆਪਣੀ ਭਾਣਜੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਏ ਸਨ।
ਸਾਲ 1996 ਵਿੱਚ ਅਮਰੀਕ ਸਿੰਘ ਦੀ ਪਤਨੀ ਨੇ ਸੁਪਰੀਮ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਸੀ। ਉਸੇ ਸਾਲ ਸੁਪਰੀਮ ਕੋਰਟ ਨੇ ਪੰਜਾਬ ਪੁਲੀਸ ਵੱਲੋਂ ਵੱਡੀ ਗਿਣਤੀ ਵਿੱਚ ਲਾਸ਼ਾਂ ਨੂੰ ਲਾਵਾਰਿਸ ਅਤੇ ਅਣਪਛਾਤੀਆਂ ਦੱਸ ਕੇ ਸਸਕਾਰ ਕਰਨ ਦੇ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਸਾਕਰੀ ਦੇ ਲਾਪਤਾ ਹੋਣ ਦਾ ਮਾਮਲਾ ਵੀ ਸੀਬੀਆਈ ਨੇ ਆਪਣੇ ਹੱਥ ਵਿੱਚ ਲੈ ਲਿਆ ਸੀ।
ਮੁਲਜ਼ਮਾਂ ਵਿਰੁੱਧ ਸਾਲ 2000 ਵਿੱਚ ਦੋਸ਼ ਤੈਅ ਕੀਤੇ ਗਏ ਸਨ, ਪਰ ਅਦਾਲਤਾਂ ਦੇ ਨਿਰਦੇਸ਼ਾਂ ਕਾਰਨ ਇਸ ਮਾਮਲੇ ਦੀ ਸੁਣਵਾਈ ਕਰੀਬ 22 ਸਾਲ ਤੱਕ ਰੁਕੀ ਰਹੀ। ਵਕੀਲਾਂ ਅਨੁਸਾਰ, ਸਾਲ 2022 ਵਿੱਚ ਜਦੋਂ ਮੁਕੱਦਮੇ ਦੀ ਸੁਣਵਾਈ ਸ਼ੁਰੂ ਹੋਈ ਤਾਂ ਸੀਬੀਆਈ ਵੱਲੋਂ ਅਦਾਲਤ ਵਿੱਚ ਪੇਸ਼ ਕੀਤੇ ਗਏ ਸਾਰੇ ਸਬੂਤਾਂ ਦਾ ਰਿਕਾਰਡ ਗਾਇਬ ਹੋ ਗਿਆ ਸੀ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਮੁੜ ਸਾਰੇ ਸਬੂਤ ਇਕੱਠੇ ਕੀਤੇ ਗਏ।
ਮੁਕੱਦਮੇ ਦੌਰਾਨ ਕੁੱਲ 47 ਗਵਾਹਾਂ ਦਾ ਹਵਾਲਾ ਦਿੱਤਾ ਗਿਆ ਸੀ, ਪਰ ਸੁਣਵਾਈ ਦੌਰਾਨ ਸਿਰਫ਼ 16 ਗਵਾਹ ਹੀ ਪੇਸ਼ ਹੋ ਸਕੇ। ਸੁਣਵਾਈ ਰੁਕੇ ਰਹਿਣ ਦੌਰਾਨ ਬਹੁਤੇ ਗਵਾਹਾਂ ਦੀ ਮੌਤ ਹੋ ਗਈ ਸੀ। ਇਸੇ ਤਰ੍ਹਾਂ ਤਿੰਨ ਮੁਲਜ਼ਮਾਂ ਏਐੱਸਆਈ ਜਸਵੰਤ ਸਿੰਘ, ਐੱਸਆਈ ਸੁਰਿੰਦਰ ਸਿੰਘ ਅਤੇ ਇੰਸਪੈਕਟਰ ਸੂਬਾ ਸਿੰਘ ਦੀ ਵੀ ਮੌਤ ਹੋ ਗਈ, ਜਿਸ ਕਾਰਨ ਉਨ੍ਹਾਂ ਵਿਰੁੱਧ ਕਾਰਵਾਈ ਬੰਦ ਕਰ ਦਿੱਤੀ ਗਈ ਸੀ।