Punjab Infoline

ਪੰਜਾਬੀ

ਅੰਮ੍ਰਿਤਪਾਲ ਸਿੰਘ ਨੇ ਦਾਦੀ ਮਾਤਾ ਚਰਨ ਕੌਰ ਨੂੰ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਪਹੁੰਚੀ ਸੰਗਤ

21 Nov, 2026 09:04 PM

ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਆਪਣੀ ਦਾਦੀ ਮਾਤਾ ਚਰਨ ਕੌਰ ਨੂੰ ਮੁੱਖ ਅਗਨੀ ਦੇ ਕੇ ਅੰਤਿਮ ਵਿਦਾਈ ਦਿੱਤੀ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਪਹੁੰਚੀ। ਇਸ ਮੌਕੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਸਮੇਤ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਅੰਤਿਮ ਸੰਸਕਾਰ ਮੌਕੇ ਪਹੁੰਚੀ ਸੰਗਤ ਨੇ ਬਾਪੂ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ, ਚਾਚਾ ਹਰਜੀਤ ਸਿੰਘ, ਚਾਚਾ ਸੁਖਚੈਨ ਸਿੰਘ, ਚਾਚਾ ਪ੍ਰਗਟ ਸਿੰਘ ਸੰਧੂ ਅਤੇ ਸੁਖਮਨਜੀਤ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਹੋਇਆ ਵੱਡਾ ਇਕੱਠ ਪੰਜਾਬ ਦੀ ਸਿਆਸਤ ਵਿੱਚ ਵੀ ਚਰਚਾ ਦਾ ਵਿਸ਼ਾ ਬਣਿਆ।

ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਵਾਲੀ ਸਮੁੱਚੀ ਸੰਗਤ ਅਤੇ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਖੜ੍ਹਨ ਵਾਲੇ ਹਰ ਵਿਅਕਤੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਵਿਧਾਇਕ ਇਯਾਲੀ ਨੇ ਕਿਹਾ ਕਿ ਪੰਜਾਬ ਭਰ ਤੋਂ ਲੋਕਾਂ ਦਾ ਪਹੁੰਚਣਾ ਸਾਂਝੀਵਾਲਤਾ, ਰਿਸ਼ਤਿਆਂ ਦੀ ਗੂੜ੍ਹੀ ਸਾਂਝ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਦਾਦੀ ਅਤੇ ਪੋਤੇ ਦਾ ਰਿਸ਼ਤਾ ਬੇਹੱਦ ਗੂੜ੍ਹਾ ਅਤੇ ਮੋਹ ਭਰਿਆ ਹੁੰਦਾ ਹੈ। ਮਨੁੱਖੀ ਭਾਵਨਾਵਾਂ ਅਤੇ ਪਰਿਵਾਰਕ ਰਿਸ਼ਤਿਆਂ ਦਾ ਸਤਿਕਾਰ ਹਰ ਸਿਆਸੀ ਅਤੇ ਪ੍ਰਸ਼ਾਸਨਿਕ ਸੋਚ ਤੋਂ ਉੱਪਰ ਹੋਣਾ ਚਾਹੀਦਾ ਹੈ।

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਬਾਰੇ ਕੀ ਬੋਲੇ ਮਨਪ੍ਰੀਤ ਸਿੰਘ ਇਯਾਲੀ?

ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਪੈਰੋਲ ਦੇਣ ਦੇ ਮੁੱਦੇ ’ਤੇ ਬੋਲਦਿਆਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ, “ਪੈਰੋਲ ਦੇਣ ਨਾਲ ਦੇਸ਼ ਨੂੰ ਕੋਈ ਖ਼ਤਰਾ ਨਹੀਂ, ਖ਼ਤਰਾ ਤਾਂ ਸਿਆਸੀ ਪਾਰਟੀਆਂ ਨੂੰ ਆਪਣੀ ਸਿਆਸੀ ਜ਼ਮੀਨ ਖਿਸਕਣ ਦਾ ਮਹਿਸੂਸ ਹੁੰਦਾ ਹੈ।”

ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਆਪਣੇ ਪਰਿਵਾਰ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣ ਦਾ ਮੌਕਾ ਦੇਣਾ ਮਨੁੱਖੀ ਅਤੇ ਸੰਵੇਦਨਸ਼ੀਲ ਪਹੁੰਚ ਦਾ ਹਿੱਸਾ ਹੋਣਾ ਚਾਹੀਦਾ ਹੈ। ਅਜਿਹੇ ਮਾਮਲਿਆਂ ਨੂੰ ਸਿਆਸੀ ਨਜ਼ਰੀਏ ਦੀ ਬਜਾਏ ਮਨੁੱਖਤਾ, ਪਰਿਵਾਰਕ ਸਾਂਝ ਅਤੇ ਸੰਵੇਦਨਸ਼ੀਲਤਾ ਦੇ ਆਧਾਰ ’ਤੇ ਦੇਖਿਆ ਜਾਣਾ ਚਾਹੀਦਾ ਹੈ।

ਇਯਾਲੀ ਨੇ ਕਿਹਾ ਕਿ ਪੰਜਾਬੀਆਂ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਦੁੱਖ ਦੀ ਘੜੀ ਵਿੱਚ ਉਹ ਜਾਤ, ਧਰਮ, ਪਾਰਟੀ ਅਤੇ ਵਿਚਾਰਧਾਰਾ ਤੋਂ ਉੱਪਰ ਉੱਠ ਕੇ ਇੱਕ-ਦੂਜੇ ਨਾਲ ਖੜ੍ਹਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੌਰਾਨ ਸਖ਼ਤ ਸ਼ਰਤਾਂ ਲਗਾ ਕੇ ਤੰਗ ਦਿਲੀ ਦਿਖਾਈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰ ਦੇ ਅਕਾਲ ਚਲਾਣੇ ਮੌਕੇ ਸਰਕਾਰ ਨੂੰ ਮਨੁੱਖਤਾ ਪ੍ਰਤੀ ਉਦਾਰਵਾਦੀ ਪਹੁੰਚ ਦਿਖਾਉਣੀ ਚਾਹੀਦੀ ਸੀ।

ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਇੱਕ ਝਲਕ ਪਾਉਣ ਲਈ ਵੱਖ-ਵੱਖ ਧਰਮਾਂ ਅਤੇ ਵਰਗਾਂ ਦੇ ਲੋਕਾਂ ਦੀ ਵੱਡੀ ਗਿਣਤੀ ਵਿੱਚ ਹੋਈ ਸ਼ਮੂਲੀਅਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਆਪਣਾ ਆਗੂ ਚੁਣ ਲਿਆ ਹੈ।

ਅੰਤਿਮ ਸੰਸਕਾਰ ਮੌਕੇ ਕਈ ਸ਼ਖ਼ਸੀਅਤਾਂ ਰਹੀਆਂ ਮੌਜੂਦ

ਇਸ ਮੌਕੇ ਬਾਪੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ। ਅੰਤਿਮ ਸੰਸਕਾਰ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ, ਭਾਈ ਸੁਖਵਿੰਦਰ ਸਿੰਘ ਅਗਵਾਨ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਸਰਦਾਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਰਹੇ। ਇਸ ਤੋਂ ਇਲਾਵਾ ਪਾਰਟੀ ਦੇ ਅਹੁਦੇਦਾਰ, ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਵੀ ਅੰਤਿਮ ਵਿਦਾਈ ਵਿੱਚ ਸ਼ਾਮਲ ਹੋਏ।
 

Latest News