Punjab Infoline

ਪੰਜਾਬੀ

ਸੰਗਰੂਰ ’ਚ PRTC ਬੱਸ ਹਾਦਸਾਗ੍ਰਸਤ, ਓਵਰਬ੍ਰਿਜ ਨਾਲ ਟਕਰਾ ਕੇ ਖੇਤਾਂ ’ਚ ਪਲਟੀ; 3 ਦੀ ਮੌਤ, 2 ਦਰਜਨ ਤੋਂ ਵੱਧ ਜ਼ਖ਼ਮੀ, 10 ਗੰਭੀਰ ਜ਼ਖ਼ਮੀ ਪਟਿਆਲਾ ਰੈਫ਼ਰ

11 Nov, 2026 09:18 AM

ਸੰਗਰੂਰ ਵਿੱਚ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਪੀਆਰਟੀਸੀ (PRTC) ਦੀ ਬੱਸ ਓਵਰਬ੍ਰਿਜ ਨਾਲ ਟਕਰਾਉਣ ਤੋਂ ਬਾਅਦ ਸੜਕ ਕਿਨਾਰੇ ਖੇਤਾਂ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਦਰਜਨ ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ 10 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫ਼ਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ, ਪੀਆਰਟੀਸੀ ਦੀ ਇਹ ਬੱਸ ਸਵੇਰੇ ਸੰਗਰੂਰ ਤੋਂ ਸਵਾਰੀਆਂ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੇੜੇ ਓਵਰਬ੍ਰਿਜ ਕੋਲ ਪਹੁੰਚਣ ’ਤੇ ਬੱਸ ਅਚਾਨਕ ਚਾਲਕ ਦੇ ਕਾਬੂ ਤੋਂ ਬਾਹਰ ਹੋ ਗਈ। ਪਹਿਲਾਂ ਬੱਸ ਓਵਰਬ੍ਰਿਜ ਨਾਲ ਟਕਰਾਈ ਅਤੇ ਫਿਰ ਸੜਕ ਕਿਨਾਰੇ ਖੇਤਾਂ ਵਿੱਚ ਜਾ ਕੇ ਪਲਟ ਗਈ।

ਹਾਦਸੇ ਤੋਂ ਬਾਅਦ ਮੌਕੇ ’ਤੇ ਚੀਕ-ਚਿਹਾੜਾ ਪੈ ਗਿਆ। ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਰਾਹਗੀਰਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰਵਾਏ। ਐਂਬੂਲੈਂਸਾਂ ਰਾਹੀਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਸੰਗਰੂਰ ਪਹੁੰਚਾਇਆ ਗਿਆ।

ਤੇਜ਼ ਰਫ਼ਤਾਰ ਕਾਰਨ ਹਾਦਸਾ ਹੋਣ ਦਾ ਖ਼ਦਸ਼ਾ

ਪੁਲਿਸ ਅਧਿਕਾਰੀ ਮੇਹਰ ਸਿੰਘ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਪੀਆਰਟੀਸੀ ਦੀ ਸੀ ਅਤੇ ਸਵੇਰੇ ਇਸ ਵਿੱਚ ਕਾਫ਼ੀ ਯਾਤਰੀ ਸਵਾਰ ਸਨ। ਉਨ੍ਹਾਂ ਮੁਤਾਬਕ ਹਾਦਸੇ ਸਮੇਂ ਮੌਸਮ ਸਾਫ਼ ਸੀ ਅਤੇ ਧੁੰਦ ਵੀ ਨਹੀਂ ਸੀ। ਮੁੱਢਲੀ ਜਾਣਕਾਰੀ ਅਤੇ ਚਸ਼ਮਦੀਦਾਂ ਦੇ ਬਿਆਨਾਂ ਅਨੁਸਾਰ ਬੱਸ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ।

ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

10 ਗੰਭੀਰ ਜ਼ਖ਼ਮੀ ਪਟਿਆਲਾ ਰੈਫ਼ਰ

ਸਿਵਲ ਹਸਪਤਾਲ ਸੰਗਰੂਰ ਦੇ ਐੱਸਐੱਮਓ ਡਾ. ਵਿਨੋਦ ਕੁਮਾਰ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਇਨ੍ਹਾਂ ਵਿੱਚੋਂ ਤਿੰਨ ਲੋਕਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੀਆਂ ਲਾਸ਼ਾਂ ਹਸਪਤਾਲ ਦੀ ਮੁਰਦਾਘਰ ਵਿੱਚ ਰਖਵਾ ਦਿੱਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਗੰਭੀਰ ਰੂਪ ਵਿੱਚ ਜ਼ਖ਼ਮੀ 10 ਮਰੀਜ਼ਾਂ ਨੂੰ ਬਿਹਤਰ ਇਲਾਜ ਲਈ 108 ਐਂਬੂਲੈਂਸ ਰਾਹੀਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਭੇਜਿਆ ਗਿਆ ਹੈ। ਇਸ ਸਬੰਧੀ ਪਟਿਆਲਾ ਪ੍ਰਸ਼ਾਸਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਸੀ।

ਡਾ. ਵਿਨੋਦ ਕੁਮਾਰ ਅਨੁਸਾਰ, ਬਾਕੀ 11 ਜ਼ਖ਼ਮੀਆਂ ਦਾ ਇਲਾਜ ਸਿਵਲ ਹਸਪਤਾਲ ਸੰਗਰੂਰ ਵਿੱਚ ਜਾਰੀ ਹੈ ਅਤੇ ਉਨ੍ਹਾਂ ਦੀ ਸਿਹਤ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

Latest News