Bibi Jagir Kaur ਦੀ ਅਕਾਲੀ ਦਲ ’ਚ ਘਰ ਵਾਪਸੀ, ਸੁਖਬੀਰ ਬਾਦਲ ਨੇ ਬਣਾਇਆ ਭੁਲੱਥ ਹਲਕੇ ਦਾ ਇੰਚਾਰਜ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ ਹੈ। ਹਲਕਾ ਭੁਲੱਥ ਦੇ ਕਸਬੇ ਬੇਗੋਵਾਲ ਸਥਿਤ ਡੇਰਾ ਸੰਤ ਪ੍ਰੇਮ ਸਿੰਘ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਮੁੜ ਸ਼ਾਮਲ ਕੀਤਾ। ਘਰ ਵਾਪਸੀ ਤੋਂ ਬਾਅਦ ਬੀਬੀ ਜਗੀਰ ਕੌਰ ਨੂੰ ਹਲਕਾ ਭੁਲੱਥ ਦਾ ਇੰਚਾਰਜ ਨਿਯੁਕਤ ਕੀਤਾ ਗਿਆ।
ਬੀਬੀ ਜਗੀਰ ਕੌਰ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੀ ਅਗਵਾਈ ਨੂੰ ਲੈ ਕੇ ਸੁਖਬੀਰ ਬਾਦਲ ਨਾਲ ਮਤਭੇਦਾਂ ਕਾਰਨ ਬਾਗ਼ੀ ਧੜੇ ਸ਼੍ਰੋਮਣੀ ਅਕਾਲੀ ਦਲ 'ਪੁਨਰ ਸੁਰਜੀਤ' ਨਾਲ ਜੁੜੇ ਹੋਏ ਸਨ। ਹੁਣ ਉਨ੍ਹਾਂ ਦੀ ਅਕਾਲੀ ਦਲ ਵਿੱਚ ਵਾਪਸੀ ਨੂੰ ਦੁਆਬਾ ਖੇਤਰ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ। ਇਸ ਨੂੰ ਪਾਰਟੀ ਪ੍ਰਧਾਨ ਵੱਲੋਂ ਆਪਣੇ ਪੁਰਾਣੇ ਪੰਥਕ ਸਾਥੀਆਂ ਨੂੰ ਮੁੜ ਇਕੱਠਾ ਕਰਨ ਦੀ ਮੁਹਿੰਮ ਵਿੱਚ ਇੱਕ ਵੱਡੀ ਸਫ਼ਲਤਾ ਵਜੋਂ ਵੀ ਦੇਖਿਆ ਜਾ ਰਿਹਾ ਹੈ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦਾ ਹਰ ਖੇਤਰ ਵਿੱਚ ਵਿਕਾਸ ਸਿਰਫ਼ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਹੀ ਹੋਇਆ ਹੈ। ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ 6 ਹਜ਼ਾਰ ਕਰੋੜ ਰੁਪਏ ਸਿਰਫ਼ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕਰ ਦਿੱਤੇ ਹਨ, ਜਦਕਿ ਅਕਾਲੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਗਈਆਂ ਕਈ ਸਮਾਜ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਭੁਲੱਥ ਹਲਕੇ ਦੇ ਲੋਕਾਂ ਨੂੰ ਬੀਬੀ ਜਗੀਰ ਕੌਰ ਦਾ ਸਾਥ ਦੇਣ ਅਤੇ ਉਨ੍ਹਾਂ ਨੂੰ ਵਿਧਾਇਕ ਬਣਾਉਣ ਦੀ ਅਪੀਲ ਕੀਤੀ।