ਸਿੱਖ ਕਤਲੇਆਮ ਦੇ ਜ਼ਖ਼ਮ ਅਜੇ ਵੀ ਅੱਲੇ, ਚਾਰ ਦਹਾਕਿਆਂ ਬਾਅਦ ਵੀ ਪੀੜਤਾਂ ਨੂੰ ਨਹੀਂ ਮਿਲਿਆ ਇਨਸਾਫ਼: ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਨਵੰਬਰ 1984 ਦੌਰਾਨ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ ਅਜੇ ਵੀ ਅੱਲੇ ਹਨ। ਉਨ੍ਹਾਂ ਕਿਹਾ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ।
ਐਡਵੋਕੇਟ ਧਾਮੀ ਨੇ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਸਮੇਂ ਦੀਆਂ ਸਰਕਾਰਾਂ ’ਤੇ ਪੀੜਤਾਂ ਨੂੰ ਇਨਸਾਫ਼ ਨਾ ਦਿਵਾਉਣ ਦੇ ਦੋਸ਼ ਲਾਏ।
ਕਾਂਗਰਸ ਸਰਕਾਰ ’ਤੇ ਲਾਏ ਦੋਸ਼
ਧਾਮੀ ਨੇ ਕਿਹਾ ਕਿ ਨਵੰਬਰ 1984 ਵਿੱਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਪਹਿਲੀ ਨਵੰਬਰ ਤੋਂ ਕਰੀਬ ਇੱਕ ਹਫ਼ਤੇ ਤੱਕ ਸਿੱਖਾਂ ਉੱਤੇ ਅਣਮਨੁੱਖੀ ਜ਼ੁਲਮ ਕੀਤੇ ਗਏ। ਉਨ੍ਹਾਂ ਇਸ ਨੂੰ ਮਾਨਵਤਾ ਵਿਰੁੱਧ ਅਜਿਹਾ ਕਾਰਾ ਦੱਸਿਆ, ਜਿਸ ਨੇ ਦੁਨੀਆ ਭਰ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ।
ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ ’ਤੇ ਕਲੰਕ ਹੈ। ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਅਨੁਸਾਰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਸਨ, ਪਰ ਇਨਸਾਫ਼ ਦਿਵਾਉਣ ਦੀ ਬਜਾਏ ਕਾਂਗਰਸ ਨੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਗੂਆਂ ਦੀ ਪੁਸ਼ਤਪਨਾਹੀ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਸਿਆਸੀ ਅਹੁਦੇ ਦਿੱਤੇ।
ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਠੋਸ ਕਦਮ ਚੁੱਕਣ ਸਰਕਾਰਾਂ
ਐਡਵੋਕੇਟ ਧਾਮੀ ਨੇ ਕਿਹਾ ਕਿ ਨਵੰਬਰ ਮਹੀਨਾ ਆਉਂਦਿਆਂ ਹੀ ਕਤਲੇਆਮ ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਦੇ ਪੁਰਾਣੇ ਜ਼ਖ਼ਮ ਮੁੜ ਹਰੇ ਹੋ ਜਾਂਦੇ ਹਨ। ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਦਿਵਾਉਣ ਵਾਸਤੇ ਠੋਸ ਕਦਮ ਚੁੱਕਣ।
ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਇਹ ਲੜਾਈ ਸਿਰਫ਼ ਪੀੜਤ ਪਰਿਵਾਰਾਂ ਦੀ ਨਹੀਂ, ਸਗੋਂ ਮਨੁੱਖੀ ਅਧਿਕਾਰਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਿਆਂ ਪ੍ਰਣਾਲੀ ਵਿੱਚ ਲੋਕਾਂ ਦੇ ਭਰੋਸੇ ਦੀ ਵੀ ਲੜਾਈ ਹੈ। ਜਦੋਂ ਤੱਕ ਦੋਸ਼ੀਆਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਪੀੜਤ ਪਰਿਵਾਰਾਂ ਦੇ ਹਿਰਦਿਆਂ ਨੂੰ ਸ਼ਾਂਤੀ ਨਹੀਂ ਮਿਲੇਗੀ।
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਹੀਦਾਂ ਨਮਿਤ ਹੋਵੇਗੀ ਅਰਦਾਸ
SGPC ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਇਸ ਦਰਦਨਾਕ ਸਾਕੇ ਨੂੰ ਕਦੇ ਵੀ ਭੁਲਾ ਨਹੀਂ ਸਕਦੀ ਅਤੇ ਹਰ ਸਾਲ ਇਸ ਦੀ ਯਾਦ ਮਨਾਈ ਜਾਂਦੀ ਹੈ। ਇਸੇ ਸਬੰਧ ਵਿੱਚ 2 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਸਿੱਖ ਕਤਲੇਆਮ ਦੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਜਾਵੇਗੀ।
```