Punjab Infoline

ਪੰਜਾਬੀ

CM ਭਗਵੰਤ ਮਾਨ 2 ਦਸੰਬਰ ਨੂੰ ਕਰਨਗੇ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

28 Nov, 2026 05:06 PM

ਪੰਜਾਬ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਿਆ ਜਾ ਰਿਹਾ ਹੈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2 ਦਸੰਬਰ ਨੂੰ ਅਨਾਜ ਮੰਡੀ ਸਮਾਣਾ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ 267 ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ।

ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਅਨਾਜ ਮੰਡੀ ਸਮਾਣਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਮਾਗਮ ਵਾਲੀ ਥਾਂ ਦਾ ਨਿਰੀਖਣ ਕੀਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਵੀ ਸਮਾਗਮ ਨੂੰ ਸੁਚਾਰੂ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਸਹੂਲਤ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਨਿਭਾਈਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਅਧਿਕਾਰੀਆਂ ਵੱਲੋਂ ਪਾਰਕਿੰਗ, ਖਾਣੇ ਅਤੇ ਸਮਾਗਮ ਨਾਲ ਸਬੰਧਤ ਹੋਰ ਸਾਰੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ, ਤਾਂ ਜੋ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Latest News