ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ
13 Feb, 2025 12:50 AM
ਅੰਮ੍ਰਿਤਸਰ, 12 ਫ਼ਰਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਵੱਡੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਦੀ ਰਾਹੀਂ ਸੰਗਤ ਨੂੰ ਆਤਮਿਕ ਅਨੰਦ ਪ੍ਰਦਾਨ ਕੀਤਾ।
ਸਮਾਗਮ ਦੌਰਾਨ ਅਰਦਾਸ ਭਾਈ ਸਰਵਨ ਸਿੰਘ ਵੱਲੋਂ ਕੀਤੀ ਗਈ ਅਤੇ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ। ਭਾਈ ਵਿਸ਼ਾਲ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਬਾਣੀ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਜੀ ਦੀ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਮਾਜ ਵਿਚ ਸਰਬ-ਸਾਂਝੀਵਾਲਤਾ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਨੇ ਸੰਗਤ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਜੋ ਸਮਾਜਕ ਸੁਧਾਰ ਅਤੇ ਆਤਮਿਕ ਉਤਥਾਨ ਦਾ ਸੰਦੇਸ਼ ਦਿੱਤਾ, ਉਸ ’ਤੇ ਅਮਲ ਕਰਕੇ ਅਸੀਂ ਆਪਣੇ ਜੀਵਨ ਨੂੰ ਅਨੰਦਮਈ ਬਣਾ ਸਕਦੇ ਹਾਂ।
ਇਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਸ. ਜੁਗਰਾਜ ਸਿੰਘ, ਸ. ਬਲਵਿੰਦਰ ਸਿੰਘ, ਸ. ਅਜੇ ਸਿੰਘ, ਅਤੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਕਈ ਪ੍ਰਬੰਧਕੀ ਮੈਂਬਰ ਅਤੇ ਸੰਗਤ ਹਾਜ਼ਰ ਰਹੀ।
Posted By: Gurjeet Singh







